ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਮੁਹਾਲੀ ‘ਚ ਇਕੱਠ ਸੱਦਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਕੋਈ ਵੀ ਪੰਜਾਬ ਵਿਰੋਧੀ ਫੈਸਲਾ ਲਾਗੂ ਨਹੀਂ ਕਰਨ ਦੇਵਾਂਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਵਾਇਤੀ ਸਿਆਸੀ ਪਾਰਟੀਆਂ ਤੋਂ ਤੰਗ ਆ ਕੇ ਆਮ ਆਦਮੀ ਪਾਰਟੀ ਨੂੰ ਚੁਣਿਆ ਸੀ ਪਰ ਪਿਛਲੇ ਚਾਰ ਮਹੀਨਿਆਂ ਤੋਂ ਇਸ ਸਰਕਾਰ ਦੀਆਂ ਕਾਰਗੁਜ਼ਾਰੀਆਂ ਤੋਂ ਲੋਕ ਲਗਾਤਾਰ ਨਿਰਾਸ਼ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਦੀਆਂ ਆਸਾਂ ਉੱਤੇ ਖਰੀ ਨਹੀਂ ਉਤਰੀ ਸਗੋਂ ਹੁਣ ਪੰਜਾਬ ਵਿਰੋਧੀ ਫ਼ੈਸਲੇ ਲੈਣ ਲੱਗੀ ਹੈ। ਰਾਜੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ ਟ੍ਰਿਬਿਊਨਲ ਬਣਾਉਣ ਦੀ ਮੰਗ ਕਰਕੇ ਪੰਜਾਬ ਨੂੰ ਤਬਾਹੀ ਵੱਲ ਧੱਕਣ ਵਾਲਾ ਸਟੈਂਡ ਲਿਆ ਹੈ। ਰਾਜੇਵਾਲ ਨੇ ਕਿਹਾ ਕਿ ਕੁਝ ਦਿਨਾਂ ਤੋਂ ਮੁੱਖ ਮੰਤਰੀ ਦੇ ਵਿਧਾਨ ਸਭਾ ਹਰਿਆਣਾ ਅਤੇ ਪੰਜਾਬ ਲਈ ਥਾਂ ਦੇਣ, ਵੱਖਰਾ ਹਾਈਕੋਰਟ ਬਣਾਉਣ ਵਰਗੇ ਬਿਆਨ ਚੰਡੀਗੜ੍ਹ ਤੋਂ ਪੰਜਾਬ ਦਾ ਦਾਅਵਾ ਛੱਡਣ ਵੱਲ ਇਸ਼ਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਕੱਤਰੇਤ ਵਿੱਚ 100 ਤੋਂ ਵੱਧ ਆਪਣੇ ਚੇਲੇ ਗਲਤ ਢੰਗ ਨਾਲ ਸਿੱਧੀ ਭਰਤੀ ਕਰਕੇ ਬਿਠਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲਿਆਂ ਉੱਤੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਦੇਣ ਲਈ 5 ਅਗਸਤ ਨੂੰ ਅੰਬ ਸਾਹਿਬ ਮੁਹਾਲੀ ਸਾਹਮਣੇ ਵੱਡਾ ਇਕੱਠ ਸੱਦਿਆ ਹੈ।