ਜੰਗਲਾਤ ਵਿਭਾਗ ਦੇ ਘਪਲੇ ਵਿੱਚ ਸਾਬਕਾ ਮੰਤਰੀ ਦੀਆਂ ਮੁਸ਼ਕਲਾਂ ਵਧੀਆਂ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੁਹਾਲੀ ਅਦਾਲਤ ਨੇ ਉਸਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਕੁੱਝ ਦਿਨ ਪਹਿਲਾਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸੇ ਕੇਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਦੀ ਵਜ਼ਾਰਤ ਸਮੇਂ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਰਹੇ ਸੰਗਤ ਸਿੰਘ ਗਿਲਜ਼ੀਆਂ ਸਣੇ ਉਸ ਦੇ ਪੀਏ ਕੁਲਵਿੰਦਰ ਸਿੰਘ ਸ਼ੇਰਗਿੱਲ, ਵਣ ਮੰਡਲ ਅਫ਼ਸਰ ਅਮਿਤ ਚੌਹਾਨ, ਡੀਐਫਓ ਗੁਰਅਮਨਪ੍ਰੀਤ ਸਿੰਘ ਬੈਂਸ, ਵਣ ਗਾਰਡ ਦਿਲਪ੍ਰੀਤ ਸਿੰਘ ਤੇ ਸਚਿਨ ਕੁਮਾਰ, ਧਰਮਸੋਤ ਦੇ ਓਐਸਡੀ ਚਮਕੌਰ ਸਿੰਘ ਤੇ ਮੀਡੀਆ ਸਲਾਹਕਾਰ ਕਮਲਜੀਤ ਸਿੰਘ ਖੰਨਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਪਿਛਲੇ ਦਿਨੀਂ ਗਿਲਜ਼ੀਆਂ ਨੇ ਵਿਜੀਲੈਂਸ ਦੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਦਿਆਂ ਇਸ ਖ਼ਿਲਾਫ਼ ਦਰਜ ਐਫ਼ਆਈਆਰ ਨੂੰ ਮੁੱਢੋਂ ਰੱਦ ਕਰਨ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਬੂਹਾ ਖੜਕਾਇਆ ਸੀ। ਉੱਚ ਅਦਾਲਤ ਨੇ ਗਿਲਜ਼ੀਆਂ ਨੂੰ ਪਹਿਲਾਂ ਹੇਠਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕਰਨ ਲਈ ਕਿਹਾ ਸੀ। ਗਿਲਜ਼ੀਆਂ ਨੇ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ।
ਮੰਗਲਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਸਾਬਕਾ ਮੰਤਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।