2024 ਦੀਆਂ ਲੋਕ ਸਭਾ ਚੋਣਾਂ ਲਈ ਹੋ ਰਹੀਆਂ ਹਨ ਤਿਆਰੀਆਂ
ਅੰਮ੍ਰਿਤਸਰ : ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਭਾਜਪਾ ਲੋਕਾਂ ਦਾ ਵਿਸ਼ਵਾਸ ਹਾਸਲ ਕਰਨ ਲਈ ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਉਭਾਰਨ ਦੀ ਯੋਜਨਾ ‘ਤੇ ਕੰਮ ਕਰੇਗੀ। ਇਸ ਤੋਂ ਇਲਾਵਾ ਅਧੂਰੀਆਂ ਯੋਜਨਾਵਾਂ ਨੂੰ ਮੁਕੰਮਲ ਕਰਵਾਇਆ ਜਾਵੇਗਾ ਤਾਂ ਕਿ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵੇਲੇ ਅੰਮ੍ਰਿਤਸਰ ਸੰਸਦੀ ਹਲਕੇ ਤੋਂ ਜਿੱਤ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਅੰਮ੍ਰਿਤਸਰ ਸੰਸਦੀ ਹਲਕੇ ਵਿੱਚ ਭਾਜਪਾ ਦੀ ਲਗਾਤਾਰ ਹੋਈ ਹਾਰ ਦੇ ਕਾਰਨਾਂ ਦੀ ਦੂਜੇ ਦਿਨ ਸਮੀਖਿਆ ਕਰਦਿਆਂ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਹੋਰ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਭਾਜਪਾ ਬਾਰੇ ਲੋਕਾਂ ਦੇ ਵਿਚਾਰ ਜਾਣੇ। ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਵੀ ਹੋਏ। ਉਨ੍ਹਾਂ ਦੁਰਗਿਆਨਾ ਮੰਦਰ ਅਤੇ ਇਤਿਹਾਸਕ ਰਾਮ ਤੀਰਥ ਮੰਦਰ ਵਿਖੇ ਵੀ ਮੱਥਾ ਟੇਕਿਆ। ਭਾਜਪਾ ਦਫਤਰ ਵਿਚ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੂੰ 144 ਸੰਸਦੀ ਹਲਕਿਆਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਚੋਣਾਂ ਵਿਚ ਮਿਲੀ ਹਾਰ ਦੇ ਕਾਰਨਾਂ ਦੀ ਹੁਣ ਸਮੀਖਿਆ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਕੋਲੋਂ ਫੀਡਬੈਕ ਮਿਲੀ ਹੈ ਕਿ ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਉਭਾਰਿਆ ਜਾਵੇ। ਉਹ ਹਰੀਕੇ ਜਲਗਾਹ ਨੂੰ ਸੈਰ ਸਪਾਟਾ ਕੇਂਦਰ ਵਜੋਂ ਉਭਾਰਨ ਦੀ ਯੋਜਨਾ ਅਤੇ ਇੱਥੋਂ ਸਿੱਧੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ। ਉਨ੍ਹਾਂ ਪੰਜਾਬ ਵਿਚ ਫਿਲਮ ਸਿਟੀ ਸਥਾਪਤ ਕਰਨ ਤੇ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਕਰਨ ਬਾਰੇ ਵੀ ਹੁੰਗਾਰਾ ਦਿੱਤਾ ਹੈ।