31 ਜੁਲਾਈ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਚੱਕਾ ਜਾਮ
ਲੁਧਿਆਣਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਦਿੱਲੀ ਅੰਦੋਲਨ ਮੌਕੇ ਕੇਂਦਰ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਕਰਾਉਣ ਦੀ ਮੰਗ ਸਬੰਧੀ 31 ਜੁਲਾਈ ਨੂੰ ਪੰਜਾਬ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ ਨੂੰ ਲਾਗੂ ਕਰਨ ਸਬੰਧੀ ਵਿਉਂਤਬੰਦੀ ਤਿਆਰ ਕਰਨ ਲਈ ਇੱਥੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਕਿਸਾਨ ਆਗੂਆਂ ਨੇ ਮੀਟਿੰਗ ਕੀਤੀ।
ਇਸ ਦੌਰਾਨ ਫੈਸਲਾ ਲਿਆ ਗਿਆ ਕਿ ਕਿਸਾਨ ਜਥੇਬੰਦੀਆਂ ਪੰਜਾਬ ਭਰ ਵਿੱਚ 18 ਤੋਂ 30 ਜੁਲਾਈ ਤੱਕ ਕਨਵੈਨਸ਼ਨਾਂ ਕਰਨ ਮਗਰੋਂ 31 ਜੁਲਾਈ ਨੂੰ ਸਵੇਰੇ 11 ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੂਬਾ ਪੱਧਰ ‘ਤੇ ਰੇਲਾਂ ਦਾ ਚੱਕਾ ਜਾਮ ਕਰਨਗੇ। ਇਸ ਮੌਕੇ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ, ਰੁਲਦਾ ਸਿੰਘ ਮਾਨਸਾ ਅਤੇ ਹਰਦੇਵ ਸਿੰਘ ਸੰਧੂ ਨੇ ਦੱਸਿਆ ਕਿ 7 ਤੋਂ 14 ਅਗਸਤ ਤੱਕ ‘ਜੈ ਜਵਾਨ, ਜੈ ਕਿਸਾਨ, ਜੈ ਨੌਜਵਾਨ’ ਸੰਮੇਲਨ ਕਰਕੇ ਕੇਂਦਰ ਸਰਕਾਰ ਵੱਲੋਂ ਲਿਆਂਦੀ ‘ਅਗਨੀਪਥ’ ਯੋਜਨਾ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲਖੀਮਪੁਰ ਖੀਰੀ ‘ਚ 18, 19 ਤੇ 20 ਅਗਸਤ ਨੂੰ 75 ਘੰਟਿਆਂ ਦਾ ਸੰਕੇਤਕ ਧਰਨਾ ਵੀ ਦਿੱਤਾ ਜਾਵੇਗਾ।
ਮੋਰਚੇ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਮੁੜ ਇਕਜੁੱਟ ਕਰਨ ਲਈ ਗੱਲਬਾਤ ਕਰਨ ਵਾਸਤੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿੱਚ ਸਤਿਨਾਮ ਸਿੰਘ ਬਹਿਰੂ, ਅਵਤਾਰ ਸਿੰਘ ਮੇਹਲੋਂ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਨਿਹਾਲਗੜ੍ਹ ਤੇ ਹਰਦੇਵ ਸਿੰਘ ਸੰਧੂ ਨੂੰ ਸ਼ਾਮਲ ਕੀਤਾ ਗਿਆ ਹੈ।