ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰਾਜੈਕਟ’ ਨੂੰ ਰੱਦ ਕੀਤੇ ਜਾਣ ‘ਤੇ ਅਫਸੋਸ ਜ਼ਾਹਰ ਕਰਦਿਆਂ ਇਸ ਨੂੰ ਸਭ ਤੋਂ ਪਿਛਾਖੜੀ ਅਤੇ ਘੱਟ ਨਜ਼ਰੀਏ ਵਾਲਾ ਫੈਸਲਾ ਕਰਾਰ ਦਿੱਤਾ ਹੈ। ਪ੍ਰੋਜੈਕਟ ਦੇ ਖਿਲਾਫ ਸ਼ੁਰੂ ਕੀਤੇ ਗਏ ਵਿਰੋਧ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਸਪੱਸ਼ਟ ਕੀਤਾ ਕਿ ਟੈਕਸਟਾਈਲ ਪਾਰਕ ਮੱਤੇਵਾੜਾ ਜੰਗਲੀ ਖੇਤਰ ਦੇ ਅੰਦਰ ਨਹੀਂ ਆਉਣਾ ਸੀ, ਜਿਵੇਂ ਕਿ ਕਿਹਾ ਜਾ ਰਿਹਾ ਹੈ, ਸਗੋਂ ਇਸ ਤੋਂ ਬਾਹਰ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸੰਯੁਕਤ ਰਾਸ਼ਟਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਧਿਆਨ ਰੱਖਿਆ ਗਿਆ ਸੀ ਅਤੇ ਉਸ ਤੋਂ ਬਾਅਦ ਹੀ ਪਾਰਕ ਨੂੰ ਮਨਜ਼ੂਰੀ ਦਿੱਤੀ ਗਈ ਸੀ। ਕੈਪਟਨ ਅਮਰਿੰਦਰ ਨੇ ਅਫਸੋਸ ਜ਼ਾਹਰ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਢਲੇ ਤੌਰ ‘ਤੇ ਇਸ ਪ੍ਰਾਜੈਕਟ ਨੂੰ ਅੱਗੇ ਵਧਾਉਣ ਦਾ ਫੈਸਲਾ ਕਰਨ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਸੀ ਕਿਉਂਕਿ ਕੁਝ ਲੋਕਾਂ ਨੇ ਬਿਨਾਂ ਕਿਸੇ ਜਾਣਕਾਰੀ ਤੋਂ ਇਸ ਦਾ ਵਿਰੋਧ ਕੀਤਾ ਸੀ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਟੈਕਸਟਾਈਲ ਪਾਰਕ ਦੇਸ਼ ਭਰ ਵਿੱਚ ਬਣ ਰਹੇ ਅਜਿਹੇ ਸੱਤ ਪਾਰਕਾਂ ਵਿੱਚੋਂ ਇੱਕ ਸੀ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਅਜਿਹੇ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਅਤੇ ਨਿਵੇਸ਼ ਨਹੀਂ ਆ ਰਿਹਾ ਹੈ, ਤਾਂ ਅਜਿਹਾ ਪਿਛਾਖੜੀ ਫੈਸਲਾ ਉਦਯੋਗਾਂ ਨੂੰ ਇੱਥੇ ਆਉਣ ਤੋਂ ਹੋਰ ਨਿਰਾਸ਼ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦਾ ਮਹੱਤਵਪੂਰਨ ਫੈਸਲਾ ਇੰਨੀ ਜਲਦਬਾਜ਼ੀ ਵਿੱਚ ਨਹੀਂ ਲਿਆ ਜਾਣਾ ਚਾਹੀਦਾ ਸੀ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰਾਜੈਕਟ ਦੀ ਹਮਾਇਤ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਲਈ ਫੰਡਾਂ ਦਾ ਐਲਾਨ ਕਰਨ ਤੋਂ ਇਹ ਬਾਅਦ ਯੂ-ਟਰਨ ਲਿਆ।