ਰਾਘਵ ਚੱਢਾ ਨੂੰ ਚੇਅਰਮੈਨ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਵਫਦ ਨੇ ਅੱਜ ਸ਼ੁੱਕਰਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਰਾਜਪਾਲ ਬੀ.ਐਲ. ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੁਖਬੀਰ ਬਾਦਲ ਨੇ ਰਾਘਵ ਚੱਢਾ ਨੂੰ ਭਗਵੰਤ ਮਾਨ ਸਰਕਾਰ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਲਗਾਉਣ ਦਾ ਵਿਰੋਧ ਕੀਤਾ। ਉਨ੍ਹਾਂ ਨੇ ਇਸ ਨੂੰ ਅਸੰਵਿਧਾਨਕ ਅਹੁਦਾ ਕਰਾਰ ਦਿੰਦਿਆਂ ਚੱਢਾ ਨੂੰ ਚੇਅਰਮੈਨ ਦੇ ਅਹੁਦੇ ਤੋਂ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਅਕਾਲੀ ਦਲ ਦੇ ਵਫਦ ਵਿਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਵੀ ਸ਼ਾਮਲ ਸਨ। ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੁਖਬੀਰ ਨੇ ਦੱਸਿਆ ਕਿ ਦੋ-ਤਿੰਨ ਅਹਿਮ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਹੈ। ਸਭ ਤੋਂ ਅਹਿਮ ਮੁੱਦਾ ਚੰਡੀਗੜ੍ਹ ਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ’ਤੇ ਅਧਿਕਾਰ ਛੱਡ ਉਸਦਾ ਕੰਟਰੋਲ ਹਰਿਆਣਾ ਨੂੰ ਦੇਣ ਸਬੰਧੀ ਸੀਐਮ ਭਗਵੰਤ ਮਾਨ ਨੇ ਬਿਆਨ ਦਿੱਤਾ ਸੀ। ਜਿਸ ਵਿਚ ਪੰਜਾਬ ਲਈ ਵਿਧਾਨ ਸਭਾ ਦੀ ਜ਼ਮੀਨ ਮੰਗੀ ਗਈ ਹੈ। ਸੁਖਬੀਰ ਨੇ ਕਿਹਾ ਕਿ ਅਸੀਂ ਰਾਜਪਾਲ ਹੋਰਾਂ ਨੂੰ ਸਾਫ ਕਿਹਾ ਹੈ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਉਸਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਦਿਆਂਗੇ।