ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤੇ ਹਨ ਸਿਮਰਨਜੀਤ ਸਿੰਘ ਮਾਨ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਿਮਰਨਜੀਤ ਸਿੰਘ ਮਾਨ ਨੇ ਅੱਜ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ ਹੈ। ਸਿਮਰਨਜੀਤ ਸਿੰਘ ਮਾਨ ਨੇ ਸਪੀਕਰ ਓਮ ਬਿਰਲਾ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਪਹਿਲਾਂ ਮੁਲਾਕਾਤ ਕੀਤੀ ਅਤੇ ਫਿਰ ਸਪੀਕਰ ਦੇ ਦਫ਼ਤਰ ਵਿੱਚ ਸਹੁੰ ਚੁੱਕੀ। ਪੰਜਾਬੀ ਵਿੱਚ ਸਹੁੰ ਚੁੱਕਦਿਆਂ ਮਾਨ ਨੇ ਕਿਹਾ, ‘‘ਮੈਂ ਭਾਰਤੀ ਸੰਵਿਧਾਨ ਵਿੱਚ ਵਿਸ਼ਵਾਸ ਦੀ ਪੁਸ਼ਟੀ ਕਰਦਾ ਹਾਂ।’’ ਮਾਨ ਨੇ ਸੰਗਰੂਰ ਦੀ ਬਿਹਤਰੀ ਲਈ ਕੰਮ ਕਰਨ ਦਾ ਵਾਅਦਾ ਵੀ ਕੀਤਾ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਜਿੱਤੀ ਹੈ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ। ਇਹ ਵੀ ਦੱਸਣਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਤੀਜੀ ਵਾਰ ਸੰਸਦ ਮੈਂਬਰ ਬਣੇ ਹਨ। ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ ਅਤੇ ਸੰਦੀਪ ਕੁਮਾਰ ਪਾਠਕ ਨੇ ਵੀ ਰਾਜ ਸਭਾ ਵਿਖੇ ਸਪੀਕਰ ਵੈਂਕਈਆ ਨਾਇਡੂ ਦੀ ਮੌਜੂਦਗੀ ਵਿਚ ਆਪਣੇ ਅਹੁਦੇ ਦੀ ਸਹੁੰ ਚੁੱਕੀ।