Breaking News
Home / ਪੰਜਾਬ / ਪੰਜਾਬ ਸਰਕਾਰ 15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਕਰੇਗੀ ਸ਼ੁਰੂਆਤ

ਪੰਜਾਬ ਸਰਕਾਰ 15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਕਰੇਗੀ ਸ਼ੁਰੂਆਤ

ਪਹਿਲੀ ਤਸਵੀਰ ਆਈ ਸਾਹਮਣੇ, ਬੰਦ ਪਏ ਸੁਵਿਧਾ ਕੇਂਦਰਾਂ ’ਚ ਚੱਲਣਗੇ ਆਮ ਆਦਮੀ ਕਲੀਨਿਕ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 15 ਅਗਸਤ ਤੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਦਾ ਨਾਂ ਵੀ ਪਾਰਟੀ ਨਾਲ ਜੋੜਦੇ ਹੋਏ ‘ਆਮ ਆਦਮੀ ਕਲੀਨਿਕ ਰੱਖਿਆ ਗਿਆ ਹੈ ਅਤੇ ਇਸ ਦੀ ਪਹਿਲੀ ਤਸਵੀਰ ਵੀ ਸਾਹਮਣੇ ਆ ਗਈ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਵਧੀਆ ਇਲਾਜ਼ ਦੀ ਸਹੂਲਤ ਮਿਲੇਗੀ। ਇਨ੍ਹਾਂ ਕਲੀਨਿਕਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਣੇ ਸੇਵਾ ਕੇਂਦਰਾਂ ਦੀਆਂ ਖਾਲੀ ਪਈਆਂ ਇਮਾਰਤਾਂ ’ਚ ਬਣਾਇਆ ਜਾ ਰਿਹਾ ਹੈ। ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ ਸੀ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਦੀ ਤਰਜ ’ਤੇ ਪੰਜਾਬ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਵਾਅਦਾ ਕੀਤਾ ਸੀ। ਜਿਸ ਵਿਚ ਕਿਹਾ ਗਿਆ ਸੀ ਕਿ ਸ਼ਹਿਰਾਂ ’ਚ ਵਾਰਡ ਕਲੀਨਿਕ ਅਤੇ ਪਿੰਡਾਂ ’ਚ ਪਿੰਡ ਕਲੀਨਿਕ ਬਣਾਏ ਜਾਣਗੇ ਪ੍ਰੰਤੂ ਸ਼ੁਰੂਆਤ ’ਚ ਹਰ ਵਿਧਾਨ ਸਭਾ ਹਲਕੇ ’ਚ ਇਕ-ਇਕ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਜਿਸ ਦੀ ਸ਼ੁਰੂਆਤ 15 ਅਗਸਤ ਤੋਂ 75 ਕਲੀਨਿਕ ਖੋਲ੍ਹ ਕੇ ਕੀਤੀ ਜਾਵੇਗੀ। ਉਧਰ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਮੁਹੱਲਾ ਕਲੀਨਿਕ ਇਕ ਮੁਹੱਲੇ ਦੇ ਲਈ ਹੋਣਾ ਚਾਹੀਦਾ ਹੈ ਪ੍ਰੰਤੂ ‘ਆਪ’ ਸਰਕਾਰ ਤਾਂ ਇਕ ਵਿਧਾਨ ਸਭਾ ਹਲਕੇ ਅੰਦਰ ਇਕ ਕਲੀਨਿਕ ਖੋਲ੍ਹ ਰਹੀ ਹੈ, ਜਿਸ ਦਾ ਆਮ ਲੋਕਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਦੂਜੇ ਪਾਸੇ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ’ਚ ਮੁਹੱਲਾ ਕਲੀਨਿਕਾਂ ਦੀ ਗਿਣਤੀ ਵਧਾਈ ਜਾਵੇਗੀ।

 

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …