ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਪਾਰਟੀ ਵਿਧਾਇਕ ਦਲ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕਰਕੇ ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਮੰਨਣ ਤੋਂ ਸਾਫ ਇਨਕਾਰ ਕਰ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਰਾਸ਼ਟਰਪਤੀ ਚੋਣਾਂ ਲਈ ਐੱਨਡੀਏ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਦਾ ਫੈਸਲਾ ਕੀਤਾ ਸੀ। ਵਿਧਾਇਕ ਇਆਲੀ ਨੇ ਕੋਰ ਕਮੇਟੀ ਦੇ ਫੈਸਲੇ ਨੂੰ ਮੰਨਣ ਦੀ ਥਾਂ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਨੂੰ ਤਰਜੀਹ ਦਿੱਤੀ।
ਸਿਆਸੀ ਹਲਕੇ ਮਨਪ੍ਰੀਤ ਇਆਲੀ ਦੇ ਇਸ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਬਗਾਵਤ ਦੇ ਮੁੱਢ ਵਜੋਂ ਦੇਖ ਰਹੇ ਹਨ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਮਗਰੋਂ ਪਾਰਟੀ ਨੇ ਇਸ ਦੀ ਸਮੀਖਿਆ ਲਈ ਝੂੰਦਾਂ ਕਮੇਟੀ ਦਾ ਗਠਨ ਕੀਤਾ ਸੀ। ਪਾਰਟੀ ਨੇ ਹਾਲਾਂਕਿ ਅਜੇ ਤੱਕ ਇਸ ਕਮੇਟੀ ਦੀ ਰਿਪੋਰਟ ‘ਤੇ ਕੋਈ ਚਰਚਾ ਨਹੀਂ ਕੀਤੀ। ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਲਈ ਵਿਧਾਇਕ ਇਆਲੀ ਦਾ ਇਹ ਪੈਂਤੜਾ ਇੱਕ ਨਵੀਂ ਚੁਣੌਤੀ ਬਣ ਗਿਆ ਹੈ।
ਮਨਪ੍ਰੀਤ ਇਆਲੀ ਨੇ ਵੀਡੀਓ ਜਾਰੀ ਕਰਕੇ ਸ਼੍ਰੋਮਣੀ ਅਕਾਲੀ ਦਲ ‘ਤੇ ਸਿੱਧੇ ਸੁਆਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਐੱਨਡੀਏ ਉਮੀਦਵਾਰ ਨੂੰ ਹਮਾਇਤ ਦੇਣ ਤੋਂ ਪਹਿਲਾਂ ਉਨ੍ਹਾਂ ਨਾਲ ਕੋਈ ਮਸ਼ਵਰਾ ਹੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਹੁਤ ਆਸਾਂ ਹਨ, ਪ੍ਰੰਤੂ ਅੱਜ ਪਾਰਟੀ ਦੀ ਸਥਿਤੀ ਬਹੁਤ ਕਮਜ਼ੋਰ ਹੋ ਚੁੱਕੀ ਹੈ। ਲੰਘੀਆਂ ਚੋਣਾਂ ਵਿਚ ਪਾਰਟੀ ਸਿਰਫ਼ ਤਿੰਨ ਸੀਟਾਂ ਤੱਕ ਸੀਮਤ ਰਹਿ ਗਈ ਹੈ।
Check Also
ਕੈਨੇਡਾ ‘ਚ ਸੰਸਦੀ ਚੋਣਾਂ 28 ਅਪ੍ਰੈਲ ਨੂੰ
45ਵੀਂ ਲੋਕ ਸਭਾ ਲਈ 343 ਮੈਂਬਰਾਂ ਦੀ ਹੋਵੇਗੀ ਚੋਣ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ …