Breaking News
Home / ਹਫ਼ਤਾਵਾਰੀ ਫੇਰੀ / ਦਰੋਪਦੀ ਮੁਰਮੂ ਭਾਰਤ ਦੇ 15ਵੇਂ ਰਾਸ਼ਟਰਪਤੀ ਹੋਣਗੇ

ਦਰੋਪਦੀ ਮੁਰਮੂ ਭਾਰਤ ਦੇ 15ਵੇਂ ਰਾਸ਼ਟਰਪਤੀ ਹੋਣਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਲ ਕੇ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਰੋਪਦੀ ਮੁਰਮੂ ਭਾਰਤ ਦੇ 15ਵੇਂ ਰਾਸ਼ਟਰਪਤੀ ਹੋਣਗੇ। ਲੰਘੀ 18 ਜੁਲਾਈ ਨੂੰ ਰਾਸ਼ਟਰਪਤੀ ਅਹੁਦੇ ਲਈ ਪਈਆਂ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਹੋਈ ਅਤੇ ਐਨਡੀਏ ਦੀ ਉਮੀਦਵਾਰ ਦਰੋਪਦੀ ਮੁਰਮੂ ਨੇ ਬਹੁਮਤ ਹਾਸਲ ਕਰ ਲਿਆ।
ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਸੀ, ਜਦੋਂ ਕਿ ਵਿਰੋਧੀ ਪਾਰਟੀਆਂ ਨੇ ਯਸ਼ਵੰਤ ਸਿਨਹਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਰਾਜਨਾਥ ਸਿੰਘ ਨੇ ਦਰੋਪਦੀ ਮੁਰਮੂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਰਮੂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਭਾਰਤ ਨੇ ਇਤਿਹਾਸ ਲਿਖ ਦਿੱਤਾ ਹੈ। ਜਦ ਦੇਸ਼ ਆਜ਼ਾਦੀ ਦਾ ਮਹਾਂਉਤਸਵ ਮਨਾ ਰਿਹਾ ਹੈ, ਪੂਰਬੀ ਭਾਰਤ ਦੇ ਸੁਦੂਰ ਹਿੱਸੇ ਵਿਚ ਪੈਦਾ ਹੋਈ ਇਕ ਆਦਿਵਾਸੀ ਭਾਈਚਾਰੇ ਦੀ ਬੇਟੀ ਨੂੰ ਰਾਸ਼ਟਰਪਤੀ ਚੁਣਿਆ ਗਿਆ ਹੈ।
ਉਨ੍ਹਾਂ ਦਰੋਪਦੀ ਮੁਰਮੂ ਨੂੰ ਵਧਾਈ ਦਿੱਤੀ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਵੀ ਮੁਰਮੂ ਨੂੰ ਵਧਾਈ ਦਿੱਤੀ। ਉਧਰ ਦੂਜੇ ਪਾਸੇ ਯਸ਼ਵੰਤ ਸਿਨਹਾ ਨੇ ਵੀ ਹਾਰ ਸਵੀਕਾਰ ਕਰ ਲਈ ਹੈ ਅਤੇ ਉਨ੍ਹਾਂ ਦਰੋਪਤੀ ਮੁਰਮੂ ਨੂੰ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਉਮੀਦ ਹੈ ਕਿ ਗਣਤੰਤਰ ਦੇ 15ਵੇਂ ਰਾਸ਼ਟਰਪਤੀ ਦੇ ਰੂਪ ਵਿਚ ਉਹ ਬਿਨਾ ਕਿਸੇ ਪੱਖਪਾਤ ਤੋਂ ਕੰਮ ਕਰਨਗੇ। ਐਨਡੀਏ ਉਮੀਦਵਾਰ ਦਰੋਪਤੀ ਮੁਰਮੂ ਦੀ ਜਿੱਤ ਤੋਂ ਬਾਅਦ ਉਨ੍ਹਾਂ ਦੇ ਉੜੀਸਾ ‘ਚ ਪੈਂਦੇ ਜੱਦੀ ਪਿੰਡ ਅਤੇ ਦੇਸ਼ ਦੇ ਬਾਕੀ ਹਿੱਸਿਆਂ ਵਿਚ ਵੀ ਜਸ਼ਨ ਮਾਹੌਲ ਹੈ। ਉੜੀਸਾ ਦੇ ਮਯੂਰਭੰਜ ਜ਼ਿਲ੍ਹੇ ਵਿਚ ਰਾਏਰੰਗਪੁਰ ਕਸਬੇ ਦੇ ਮੁਰਮੂ ਦੇ ਪਿੰਡ ਅਤੇ ਸਹੁਰੇ ਪਿੰਡ ਵਿਚ ਉਨ੍ਹਾਂ ਨੂੰ ਚਾਹੁਣ ਵਾਲੇ ਲੱਡੂ ਵੰਡ ਕੇ ਖੁਸ਼ੀ ਮਨਾ ਰਹੇ ਹਨ।
ਜ਼ਿਕਰਯੋਗ ਹੈ ਕਿ ਵਿਰੋਧੀ ਧਿਰਾਂ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਯਸ਼ਵੰਤ ਸਿਨਹਾ ਨੂੰ ਉਮੀਦਵਾਰ ਬਣਾਇਆ ਸੀ। ਇਸ ਦੇ ਚਲਦਿਆਂ ਸਿਨਹਾ ਨੇ ਰਾਜ ਸਭਾ ਮੈਂਬਰੀ ਤੋਂ ਅਸਤੀਫ਼ਾ ਵੀ ਦੇ ਦਿੱਤਾ ਅਤੇ ਹੁਣ ਉਹ ਰਾਸ਼ਟਰਪਤੀ ਦੀ ਚੋਣ ਹਾਰ ਕੇ ਨਾ ਏਧਰ ਦੇ ਰਹੇ ਹਨ ਅਤੇ ਨਾ ਓਧਰ ਦੇ।
ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਨੇ ਯਸ਼ਵੰਤ ਸਿਨਹਾ ਨੂੰ ਰਾਸ਼ਟਰਪਤੀ ਅਹੁਦੇ ਲਈ ਚੋਣ ਮੈਦਾਨ ਵਿਚ ਉਤਾਰਿਆ ਸੀ ਪਰ ਬਾਅਦ ਵਿਚ ਮਮਤਾ ਬੈਨਰਜੀ ਨੇ ਵੀ ਉਨ੍ਹਾਂ ਤੋਂ ਪਾਸਾ ਵੱਟ ਲਿਆ ਸੀ।
ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ
ਭਾਰਤ ਨੂੰ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਮਿਲ ਗਈ ਹੈ। ਮੌਜੂਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ। ਨਵੇਂ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਰਾਸ਼ਟਰਪਤੀ ਅਹੁਦੇ ਲਈ ਸਹੁੰ ਚੁੱਕ ਸਮਾਗਮ 25 ਜੁਲਾਈ ਨੂੰ ਨਵੀਂ ਦਿੱਲੀ ਵਿਚ ਹੋਵੇਗਾ ਅਤੇ ਭਾਜਪਾ ਨੇ ਇਸ ਲਈ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ।

 

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …