ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਐਮ.ਐਸ.ਪੀ. ਸਬੰਧੀ ਇਕ ਕਮੇਟੀ ਬਣਾਈ ਹੈ ਅਤੇ ਇਸ ਕਮੇਟੀ ਵਿਚ ਪੰਜਾਬ, ਹਰਿਆਣਾ ਅਤੇ ਯੂਪੀ ਨਾਲ ਸਬੰਧਤ ਕੋਈ ਵੀ ਮੈਂਬਰ ਨਹੀਂ ਹੈ। ਇਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਨੇ ਇਸ ਕਮੇਟੀ ਨੂੰ ਮੁੱਢੋਂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਮ.ਐਸ.ਪੀ. ਕਮੇਟੀ ਲਈ ਸੰਯੁਕਤ ਕਿਸਾਨ ਮੋਰਚਾ ਨੇ ਨਾਮ ਹੀ ਨਹੀਂ ਦਿੱਤੇ ਸਨ।
ਕੇਂਦਰੀ ਮੰਤਰੀ ਨਰਿੰਦਰ ਤੋਮਰ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਦੀ ਰੁਚੀ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੀ ਦਿਲਚਸਪੀ ਰਾਜਨੀਤੀ ਕਰਕੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜਾਂ ਨੂੰ ਰੋਕਣਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਵਲੋਂ ਬਣਾਈ ਐਮ.ਐਸ.ਪੀ. ਕਮੇਟੀ ਵਿਚ਼ੋਂ ਪੰਜਾਬ ਨੂੰ ਬਾਹਰ ਰੱਖਣ ਦੀ ਨਿਖੇਧੀ ਕੀਤੀ ਹੈ। ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਜਾਣ ਬੁਝ ਕੇ ਐਮ.ਐਸ.ਪੀ. ਕਮੇਟੀ ਵਿਚੋਂ ਬਾਹਰ ਰੱਖ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸਾਡੇ ਲੋਕਾਂ ਦਾ ਅਪਮਾਨ ਕੀਤਾ ਹੈ। ਰਾਘਵ ਚੱਢਾ ਨੇ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਖੋਂ ਪਰੋਖੇ ਕੀਤਾ ਗਿਆ, ਜਦਕਿ ਕਰਨਾਟਕ, ਆਂਧਰਾ ਪ੍ਰਦੇਸ਼, ਸਿੱਕਮ ਅਤੇ ਉੜੀਸਾ ਦੇ ਨੌਕਰਸ਼ਾਹਾਂ ਨੂੰ ਇਸ 26 ਮੈਂਬਰੀ ਕਮੇਟੀ ਵਿਚ ਵਿਸ਼ੇਸ਼ ਥਾਂ ਦਿੱਤੀ ਗਈ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …