Breaking News
Home / ਪੰਜਾਬ / ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੰਤਰ ਮੰਤਰ ‘ਤੇ ਰੋਸ ਮੁਜ਼ਾਹਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਜੰਤਰ ਮੰਤਰ ‘ਤੇ ਰੋਸ ਮੁਜ਼ਾਹਰਾ

ਪ੍ਰੋ. ਭੁੱਲਰ ਦੀ ਰਿਹਾਈ ਵਾਲੀ ਫਾਈਲ ‘ਤੇ ਹਸਤਾਖਰ ਨਾ ਕਰਨ ‘ਤੇ ਦਿੱਲੀ ਸਰਕਾਰ ਨੂੰ ਘੇਰਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਕੈਂਪਸ ਵਿੱਚ ਰੋਸ ਪ੍ਰਦਰਸ਼ਨ ਕਰਨ ਮਗਰੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਆਗੂਆਂ ਦੀ ਮਦਦ ਨਾਲ ਦਿੱਤੇ ਗਏ ਇਸ ਧਰਨੇ ਦੌਰਾਨ ਅਕਾਲੀ ਆਗੂਆਂ ਨੇ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਸਾਹਮਣੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਦਿੱਲੀ ਸਰਕਾਰ ਨੂੰ ਮੰਗ ਪੱਤਰ ਸੌਂਪ ਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ‘ਤੇ ਹਸਤਾਖਰ ਕਰਨ ਦੀ ਵੀ ਮੰਗ ਕੀਤੀ ਗਈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਬਲਵਿੰਦਰ ਸਿੰਘ ਭੂੰਦੜ ਨੇ ਬੁੱਧਵਾਰ ਨੂੰ ਉਸ ਵੇਲੇ ਰੋਸ ਪ੍ਰਦਰਸ਼ਨ ਕੀਤਾ, ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਭਵਨ ‘ਚ ਦਾਖ਼ਲ ਹੋਣ ਲਈ ਜਾ ਰਹੇ ਸਨ।
ਜੰਤਰ-ਮੰਤਰ ‘ਤੇ ਦਿੱਤੇ ਧਰਨੇ ‘ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਪਰ ਹਾਲੇ ਵੀ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ‘ਚ ਬਦਲੇ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕੀਤੇ ਗਏ ਐਲਾਨ ਨੂੰ ਅਮਲੀ ਜਾਮਾ ਪਹਿਨਾਵੇ। ਉਨ੍ਹਾਂ ਦਿੱਲੀ ਸਰਕਾਰ ਦੀ ਨਿੰਦਾ ਕੀਤੀ ਕਿ ਸਾਰੀਆਂ ਸ਼ਰਤਾਂ ਪੂਰੀਆਂ ਹੋਣ ਦੇ ਬਾਵਜੂਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਵਾਲੀ ਫਾਈਲ ਦਸਤਖ਼ਤਾਂ ਦੀ ਉਡੀਕ ‘ਚ ਮੁੱਖ ਮੰਤਰੀ ਦੇ ਦਫ਼ਤਰ ‘ਚ ਪਈ ਹੈ।
ਸਿਆਸੀ ਸ਼ਰੀਕ ਰਹੇ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਦੀ ਹਾਜ਼ਰੀ ਦਾ ਜ਼ਿਕਰ ਕਰਦਿਆਂ ਬਾਦਲ ਨੇ ਪੰਥਕ ਏਕੇ ਦੀ ਗੱਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਸਿੱਖ ਸਦਾ ਤੋਂ ਹੀ ਜ਼ਬਰ ਖ਼ਿਲਾਫ਼ ਲੜਦੇ ਆਏ ਹਨ।

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸੰਸਦ ਸਾਹਮਣੇ ਬਾਦਲਾਂ ਦਾ ਧਰਨਾ ਡਰਾਮਾ ਕਰਾਰ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਬਾਰੇ ਅਕਾਲੀ ਦਲ ਵੱਲੋਂ ਦਿੱਲੀ ਵਿੱਚ ਦਿੱਤਾ ਗਿਆ ਧਰਨਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ ਤੇ ਇਹ ਡਰਾਮਾ ਸਿਰਫ਼ ਬਾਦਲ ਪਰਿਵਾਰ ਨੂੰ ਮੁੜ ਪੈਰਾਂ-ਸਿਰ ਕਰਨ ਲਈ ਕੀਤਾ ਗਿਆ ਹੈ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਨੌਂ ਤੇ ਫਿਰ 11 ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਸ ਦੀਆਂ ਸਿਰਫ਼ ਦੋ ਮੀਟਿੰਗਾਂ ਹੋਈਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਕੱਲਿਆਂ ਧਰਨਾ ਦੇਣਾ ਤੇ ਸਿਰਫ ਆਪਣੇ ਸਹਿਯੋਗੀਆਂ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀਕੇ ਨੂੰ ਨਾਲ ਲੈਣਾ ਤੇ ਦਿੱਲੀ ਕਮੇਟੀ ਨੂੰ ਇਸ ਬਾਰੇ ਕੋਈ ਇਤਲਾਹ ਨਾ ਦੇਣਾ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ‘ਤੇ ਦਿੱਲੀ ਕਮੇਟੀ ਦੇ ਲੀਗਲ ਸੈੱਲ ਤੇ ਸਮੁੱਚੀ ਟੀਮ ਨੇ ਬਹੁਤ ਡੂੰਘਾਈ ਨਾਲ ਕੰਮ ਕੀਤਾ ਹੈ, ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਸਿਰਫ਼ ਇੱਕ ਪਰਿਵਾਰ ਤੇ ਇਕ ਪਾਰਟੀ ਨੂੰ ਬਚਾਉਣ ਲਈ ਕੰਮ ਕਰ ਰਹੇ ਹਨ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …