Breaking News
Home / ਪੰਜਾਬ / ਜੰਗਲਾਤ ਘੁਟਾਲਾ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ

ਜੰਗਲਾਤ ਘੁਟਾਲਾ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਗਿਲਜੀਆਂ ਨੂੰ ਰਾਹਤ

ਹਾਈਕੋਰਟ ਨੇ 25 ਜੁਲਾਈ ਤੱਕ ਗ੍ਰਿਫਤਾਰੀ ‘ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼ : ਜੰਗਲਾਤ ਘੁਟਾਲਾ ਮਾਮਲੇ ਵਿਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਜੁਲਾਈ ਤੱਕ ਗਿਲਜੀਆਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਵੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਪੂਰੇ ਮਾਮਲੇ ਵਿਚ ਕੀ ਆਰੋਪ ਹਨ ਅਤੇ ਹੁਣ ਤੱਕ ਪੰਜਾਬ ਵਿਜੀਲੈਂਸ ਨੇ ਕੀ ਕਾਰਵਾਈ ਕੀਤੀ ਹੈ। ਇਸ ਦੇ ਬਾਰੇ ਵੀ ਪੂਰੇ ਤੱਥ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਧਰ ਦੂਜੇ ਪਾਸੇ ਗਿਲਜੀਆਂ ਨੂੰ ਰਾਹਤ ਮਿਲਣਾ ਪੰਜਾਬ ਸਰਕਾਰ ਲਈ ਇਕ ਵੱਡਾ ਸਿਆਸੀ ਝਟਕਾ ਹੈ। ਜੋ ਲਗਾਤਾਰ ਆਪਣੀ ਇਮੇਜ਼ ਬਣਾਉਣ ਲਈ ਭ੍ਰਿਸ਼ਟਾਚਾਰ ਦੇ ਖਿਲਾਫ ਸਖਤ ਕਾਰਵਾਈ ਦਾ ਦਾਅਵਾ ਕਰ ਰਹੀ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਦੇ ਸਮੇਂ ਜੰਗਲਾਤ ਘੁਟਾਲਾ ਮਾਮਲੇ ਵਿਚ ਮੁਹਾਲੀ ਵਿਚ ਕੇਸ ਦਰਜ ਕੀਤਾ ਸੀ। ਇਸ ਕੇਸ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਵਿਚ ਸੰਗਤ ਸਿੰਘ ਗਿਲਜੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਕੇਸ ਦਰਜ ਹੁੰਦਿਆਂ ਹੀ ਗਿਲਜੀਆਂ ਰੂਪੋਸ਼ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਹਾਈਕੋਰਟ ਵਿਚ ਅਰਜ਼ੀ ਦਾਖਲ ਕੀਤੀ ਸੀ। ਇਸੇ ਦੌਰਾਨ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਵਿਜੀਲੈਂਸ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਨੂੰ ਸਿਆਸੀ ਬਦਲਾਖੋਰੀ ਦੱਸਿਆ ਹੈ।
ਗਿਲਜੀਆਂ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਪਟੀਸ਼ਨਰ ਨੇ ਕਿਸੇ ਕਿਸਮ ਦਾ ਕੋਈ ਅਪਰਾਧ ਨਹੀਂ ਕੀਤਾ, ਜਿਸ ਬਾਰੇ ਪੁਲਿਸ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਿਲਜੀਆਂ ਦਾ ਜੰਗਲਾਤ ਮੰਤਰੀ ਵਜੋਂ ਕਾਰਜਕਾਲ ਬਹੁਤ ਛੋਟਾ ਸੀ। ਇਹ ਵੀ ਦੱਸਣਯੋਗ ਹੈ ਕਿ ਇਸੇ ਮਾਮਲੇ ਵਿਚ ਵਿਜੀਲੈਂਸ ਨੇ ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਉਹ ਰਿਮਾਂਡ ‘ਤੇ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …