1.8 C
Toronto
Saturday, February 28, 2026
spot_img
Homeਪੰਜਾਬਦਰਿਆਵਾਂ ਤੇ ਡਰੇਨਾਂ ਦੀ ਸਫਾਈ ਲਈ ਸੂਬਾ ਪੱਧਰੀ ਮੁਹਿੰਮ ਵਿੱਢਾਂਗੇ : ਭਗਵੰਤ...

ਦਰਿਆਵਾਂ ਤੇ ਡਰੇਨਾਂ ਦੀ ਸਫਾਈ ਲਈ ਸੂਬਾ ਪੱਧਰੀ ਮੁਹਿੰਮ ਵਿੱਢਾਂਗੇ : ਭਗਵੰਤ ਮਾਨ

ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਵਿੱਚ ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਸਬੰਧੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ
ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਸੂਬਾ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਪਵਿੱਤਰ ਕਾਲੀ ਵੇਈਂ ਵਾਂਗ ਦਰਿਆਵਾਂ ਦਾ ਪਾਣੀ ਵੀ ਪੀਣਯੋਗ ਬਣਾਇਆ ਜਾਵੇਗਾ। ਉਹ ਸੁਲਤਾਨਪੁਰ ਲੋਧੀ ਵਿੱਚ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਭਗਵੰਤ ਮਾਨ ਨੇ ਕਿਹਾ ਕਿ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤ ਦੇ ਸਹਿਯੋਗ ਨਾਲ ਬਾਬਾ ਨਾਨਕ ਦੀ ਪਲੀਤ ਹੋ ਚੁੱਕੀ ਕਾਲੀ ਵੇਈਂ ਨਦੀ ਨੂੰ ਏਨਾ ਸਾਫ਼ ਕਰ ਦਿੱਤਾ ਹੈ ਕਿ ਹੁਣ ਇਸ ਦਾ ਪਾਣੀ ਸਿੱਧੇ ਤੌਰ ‘ਤੇ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲਦੇ ਹੋਏ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਕੁਦਰਤੀ ਸਰੋਤਾਂ, ਦਰਿਆਵਾਂ ਅਤੇ ਡਰੇਨਾਂ ਦੀ ਸਾਫ਼-ਸਫ਼ਾਈ ਲਈ ਵਿਆਪਕ ਪੱਧਰ ‘ਤੇ ਮੁਹਿੰਮ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਇਸ ਮਹਾਨ ਕਾਰਜ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਪਰ ਫਿਰ ਵੀ ਇਸ ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਰੁੱਖਾਂ ਹੇਠ ਰਕਬਾ ਵਧਾਉਣ ਲਈ ਸ਼ਹੀਦ ਭਗਤ ਸਿੰਘ ਹਰਿਆਲੀ ਲਹਿਰ ਸ਼ੁਰੂ ਕੀਤੀ ਗਈ ਹੈ। ਲੋਕ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪਾਲਣ ਵੱਲ ਧਿਆਨ ਕੇਂਦਰਿਤ ਕਰਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਨੂੰ ਬਚਾਇਆ ਜਾ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਦੀ ਵਿਵੇਕਸ਼ੀਲ ਵਰਤੋਂ ਯਕੀਨੀ ਬਣਾ ਰਹੀ ਹੈ ਤਾਂ ਜੋ ਧਰਤੀ ਹੇਠਲੇ ਪਾਣੀ ‘ਤੇ ਦਬਾਅ ਘਟਾ ਕੇ ਤੇਜ਼ੀ ਨਾਲ ਡਿੱਗਦੇ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਸੂਬੇ ਦੇ ਵਾਤਾਵਰਨ ਨੂੰ ਤਬਾਹ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਤਰੀਆਂ ਕੋਲ ਵੱਧ ਤੋਂ ਵੱਧ ਬੂਟੇ ਲਾਉਣ ਦੀ ਜ਼ਿੰਮੇਵਾਰੀ ਸੀ, ਉਨ੍ਹਾਂ ਨੇ ਕਮਿਸ਼ਨ ਲੈਣ ਖਾਤਰ ਰੁੱਖ ਵੱਢਣ ਦੀ ਆਗਿਆ ਦੇ ਦਿੱਤੀ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਿਛਲੇ 22 ਵਰ੍ਹਿਆਂ ਵਿੱਚ ਵੇਈਂ ਦੀ ਸਫ਼ਾਈ ਦੌਰਾਨ ਆਈਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰੀ ਸਿਸਟਮ ਦੀਆਂ ਖਾਮੀਆਂ ਅਤੇ ਲਾਪ੍ਰਵਾਹੀਆਂ ਨੇ ਪੰਜਾਬ ਦੇ ਦਰਿਆ ਪਲੀਤ ਕੀਤੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ ਕਿ ਜਦੋਂ ਤੱਕ ਅਫਸਰਸ਼ਾਹੀ ਦੀ ਜਵਾਬਦੇਹੀ ਤੈਅ ਨਹੀਂ ਕੀਤੀ ਜਾਂਦੀ ਉਦੋਂ ਤੱਕ ਬੁੱਢਾ ਦਰਿਆ ਸਮੇਤ ਪੰਜਾਬ ਦਾ ਕੋਈ ਦਰਿਆ ਸਾਫ਼ ਨਹੀਂ ਹੋ ਸਕਦਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੇਈਂ ਕੰਢੇ ਇੱਕ ਬੂਟਾ ਵੀ ਲਗਾਇਆ। ਉਨ੍ਹਾਂ ਵੇਈਂ ਦਾ ਪਾਣੀ ਪੀਤਾ ਅਤੇ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ ਇਹ ਮੌਕਾ ਮਿਲਿਆ।

RELATED ARTICLES
POPULAR POSTS