ਪੁਲਿਸ ਨੇ ਲਾਸ਼ਾਂ ਅਤੇ ਕਾਰ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕੀਤੀ ਸ਼ੁਰੂ
ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਤੋਂ ਅੱਜ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਲਗਭਗ ਡੇਢ ਮਹੀਨਾ ਪਹਿਲਾਂ ਲਾਪਤਾ ਹੋਏ ਫਰੀਦਕੋਟ ਦੇ ਇਕ ਪਰਿਵਾਰ ਦੀਆਂ ਲਾਸ਼ਾਂ ਕਾਰ ਸਣੇ ਨਹਿਰ ਵਿਚੋਂ ਬਰਾਮਦ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ਾਂ ਬੁਰੀ ਤਰ੍ਹਾਂ ਸੜ ਚੁੱਕੀਆਂ ਹਨ ਪੁਲਿਸ ਨੇ ਲਾਸ਼ਾਂ ਅਤੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਫਰੀਦਕੋਟ ਦੀ ਭਾਨ ਸਿੰਘ ਕਲੋਨੀ ਤੋਂ ਲਗਭਗ ਡੇਢ ਮਹੀਨਾ ਪਹਿਲਾਂ ਇਕ ਸਿੱਖ ਪਰਿਵਾਰ ਪਤੀ, ਪਤਨੀ ਅਤੇ ਉਨ੍ਹਾਂ ਦੇ ਦੋ ਛੋਟੇ ਬੱਚੇ ਘਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਨਿਕਲਿਆ ਸੀ ਪ੍ਰੰਤੂ ਬਾਅਦ ਵਿਚ ਇਹ ਪਰਿਵਾਰ ਸ਼ੱਕੀ ਹਾਲਤ ਵਿਚ ਲਾਪਤਾ ਹੋ ਗਿਆ, ਜਿਸ ਦੀ ਭਾਲ ਪੁਲਿਸ ਅਤੇ ਪਰਿਵਾਰ ਵੱਲੋਂ ਲਗਾਤਾਰ ਕੀਤੀ ਜਾ ਰਹੀ ਸੀ ਪ੍ਰੰਤੂ ਅੱਜ ਪਰਮਜੀਤ ਸਿੰਘ, ਰੁਪਿੰਦਰ ਕੌਰ ਅਤੇ ਉਨ੍ਹਾਂ ਦੇ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਨਹਿਰ ਵਿਚੋਂ ਬਰਾਮਦ ਹੋਈਆਂ। ਪਰਿਵਾਰ ਵੱਲੋਂ ਸ਼ੰਕਾ ਪ੍ਰਗਟਾਈ ਜਾ ਰਹੀ ਹੈ ਕਿ ਇਹ ਆਤਮ ਹੱਤਿਆ ਨਹੀਂ ਬਲਕਿ ਕਿਸੇ ਸਾਜ਼ਿਸ਼ ਤਹਿਤ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ।