ਭਾਰਤ ਦੇ 15ਵੇਂ ਰਾਸ਼ਟਰਪਤੀ ਬਣੇ ਦਰੋਪਦੀ ਮੁਰਮੂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਰੋਪਦੀ ਮੁਰਮੂ ਨੇ ਭਾਰਤ ਦੇ 15ਵੇਂ ਰਾਸ਼ਟਰਪਤੀ ਦੇ ਤੌਰ ’ਤੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਦਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੀਫ ਜਸਟਿਸ ਐਨ.ਵੀ. ਰਮਨਾ ਨੇ ਚੁਕਾਈ। ਜ਼ਿਕਰਯੋਗ ਹੈ ਕਿ ਅੱਜ ਸੋਮਵਾਰ ਸਵੇਰੇ 10 ਵਜੇ ਦਰੋਪਦੀ ਮੁਰਮੂ ਸੰਸਦ ਭਵਨ ਦੇ ਸੈਂਟਰਲ ਹਾਲ ਪਹੁੰਚੀ ਅਤੇ ਦੇਸ਼ ਦੇ ਸਰਵਉਚ ਸੰਵਿਧਾਨਕ ਅਹੁਦੇ ਦੀ ਸਹੁੰ ਚੁੱਕੀ। ਇਸ ਮੌਕੇ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ। ਦਰੋਪਦੀ ਮੁਰਮੂ ਰਾਸ਼ਟਰਪਤੀ ਬਣਨ ਵਾਲੀ ਭਾਰਤ ਦੀ ਪਹਿਲੀ ਆਦਿਵਾਸੀ ਮਹਿਲਾ ਹੈ। ਸਹੁੰ ਚੁੱਕਣ ਤੋਂ ਬਾਅਦ ਦਰੋਪਦੀ ਮੁਰਮੂ ਨੇ ਕਿਹਾ ਕਿ ਮੈਂ ਜਿਸ ਜਗ੍ਹਾ ਤੋਂ ਆਉਂਦੀ ਹਾਂ, ਉਥੇ ਮੁੱਢਲੀ ਸਿੱਖਿਆ ਵੀ ਸਪਨਾ ਹੀ ਹੁੰਦਾ ਹੈ। ਮੁਰਮੂ ਨੇ ਕਿਹਾ ਕਿ ਮੈਂ ਭਾਰਤ ਦੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਵਿਸ਼ਵਾਸ ਦਿਵਾਉਂਦੀ ਹਾਂ ਕਿ ਇਸ ਅਹੁਦੇ ’ਤੇ ਕੰਮ ਕਰਦਿਆਂ ਉਨ੍ਹਾਂ ਦੇ ਹਿੱਤਾਂ ਦਾ ਪਹਿਲ ਦੇ ਅਧਾਰ ’ਤੇ ਖਿਆਲ ਰੱਖਾਂਗੀ। ਮੁਰਮੂ ਨੇ ਕਿਹਾ ਕਿ ਰਾਸ਼ਟਰਪਤੀ ਦੇ ਅਹੁਦੇ ਤੱਕ ਪਹੁੰਚਣਾ ਉਨ੍ਹਾਂ ਦੀ ਨਿੱਜੀ ਉਪਲਬਧੀ ਨਹੀਂ ਹੈ, ਇਹ ਦੇਸ਼ ਦੇ ਸਾਰੇ ਗਰੀਬਾਂ ਦੀ ਉਪਲਬਧੀ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ ਲੰਘੇ ਕੱਲ੍ਹ 24 ਜੁਲਾਈ ਨੂੰ ਸਮਾਪਤ ਹੋ ਗਿਆ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਦਰੋਪਤੀ ਮੁਰਮੂ ਨੂੰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਬਣਾਇਆ ਸੀ। ਰਾਸ਼ਟਰਪਤੀ ਦੀ ਚੋਣ ਲਈ ਲੰਘੀ 18 ਜੁਲਾਈ ਨੂੰ ਵੋਟਾਂ ਪਈਆਂ ਸਨ ਅਤੇ 21 ਜੁਲਾਈ ਨੂੰ ਨਤੀਜੇ ਆ ਗਏ ਸਨ। ਇਸ ਦੌਰਾਨ ਦਰੋਪਦੀ ਮੁਰਮੂ ਨੇ ਯਸ਼ਵੰਤ ਸਿਨਹਾ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ ਸੀ।