ਸਾਬਕਾ ਮੰਤਰੀ ਨੇ ਜਨਤਕ ਸਮਾਗਮਾਂ ਤੋਂ ਬਣਾਈ ਦੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਚਰਚਿਤ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਆਸ਼ੂ ਖਿਲਾਫ ਇਕ ਨਹੀਂ ਬਲਕਿ 18 ਸ਼ਿਕਾਇਤਾਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਮਿਲੀਆਂ ਹਨ। ਲਗਭਗ ਸਾਰੀਆਂ ਸ਼ਿਕਾਇਤਾਂ ਫੂਡ ਅਤੇ ਸਿਵਲ ਸਪਲਾਈ ਵਿਭਾਗ ਦੀ ਟੈਂਡਰਿੰਗ ਵਿਚ ਕਥਿਤ ਗੜਬੜੀ ਨੂੰ ਲੈ ਕੇ ਹਨ। ਆਸ਼ੂ ਦੀ ਪਟੀਸ਼ਨ ਤੋਂ ਬਾਅਦ ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਇਹ ਜਾਣਕਾਰੀ ਦਿੱਤੀ ਹੈ। ਵਿਜੀਲੈਂਸ ਨੇ ਇਹ ਵੀ ਕਿਹਾ ਕਿ ਆਸ਼ੂ ਵਲੋਂ ਸਿਆਸੀ ਬਦਲਾਖੋਰੀ ਦੇ ਆਰੋਪ ਗਲਤ ਹਨ। ਜਿਸ ਤੋਂ ਬਾਅਦ ਹਾਈਕੋਰਟ ਨੇ ਪੂਰਾ ਜਵਾਬ ਔਨ ਰਿਕਾਰਡ ਲੈਂਦੇ ਹੋਏ ਸੁਣਵਾਈ 8 ਅਗਸਤ ਨੂੰ ਤੈਅ ਕਰ ਦਿੱਤੀ ਹੈ। ਉਧਰ ਦੂਜੇ ਪਾਸੇ ਵਿਜੀਲੈਂਸ ਜਾਂਚ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਹੋਣ ਦੇ ਬਾਵਜੂਦ ਸਾਬਕਾ ਮੰਤਰੀ ਆਸ਼ੂ ਨੇ ਹੁਣ ਪਬਲਿਕ ਸਮਾਗਮਾਂ ਤੋਂ ਦੂਰੀ ਬਣਾ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਵਿਜੀਲੈਂਸ ਬਿਊਰੋ ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰ ਸਕੈਮ ਦੀ ਜਾਂਚ ਕਰ ਰਹੀ ਹੈ। ਇਸਦੀ ਭਿਣਕ ਲੱਗਦੇ ਹੀ ਆਸ਼ੂ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ। ਆਸ਼ੂ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ ਗਿ੍ਰਫਤਾਰੀ ਵਰਗੀ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਇਕ ਹਫਤੇ ਦਾ ਨੋਟਿਸ ਦਿੱਤਾ ਜਾਵੇ ਅਤੇ ਨਾਲ ਹੀ ਵਿਜੀਲੈਂਸ ਜਾਂਚ ਵਿਚ ਉਸ ਨੂੰ ਵੀ ਸ਼ਾਮਲ ਕੀਤਾ ਜਾਵੇ। ਇਸੇ ਮਾਮਲੇ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਆਸ਼ੂ ਖਿਲਾਫ ਚੱਲ ਰਹੀ ਜਾਂਚ ਦੀ ਸਟੇਟਸ ਰਿਪੋਰਟ ਵੀ ਮੰਗੀ ਸੀ।