ਝੋਨੇ ਦੀ ਖਰੀਦ ਵੀ 1 ਅਕਤੂਬਰ ਤੋਂ ਸ਼ੁਰੂ ਕਰਨ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 75ਵੇਂ ਅਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਸਜ਼ਾਵਾਂ ਪੂਰੀਆਂ ਕਰ ਚੁੱਕੇ 100 ਕੈਦੀਆਂ ਨੂੰ ਜੇਲ੍ਹਾਂ ’ਚੋਂ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਅਤੇ ਅਸੀਂ ਕਿਸਾਨਾਂ ਨੂੰ, ਉਨ੍ਹਾਂ ਦੀਆਂ ਫਸਲਾਂ ਨੂੰ ਕਿਸੇ ਵੀ ਕੀਮਤ ’ਤੇ ਮੰਡੀਆਂ ਨਹੀਂ ਰੁਲਣ ਦਿਆਂਗੇ। ਇਸ ਮੌਕੇ ਉਨ੍ਹਾਂ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਭਰੋਸਾ ਵੀ ਦਿਵਾਇਆ। ਉਧਰ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਬਣੇ ਸਿਮਰਨਜੀਤ ਸਿੰਘ ’ਤੇ ਵੀ ਜਮ ਕੇ ਵਰ੍ਹੇ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਦਿਵਾਈ ਗਈ ਅਜ਼ਾਦੀ ’ਚ ਸਿਮਰਨਜੀਤ ਮਾਨ ਨੇ ਸੰਵਿਧਾਨ ਦੀ ਸਹੁੰ ਚੁੱਕੀ ਹੈ ਅਤੇ ਹੁਣ ਉਨ੍ਹਾਂ ਦੀ ਨਿੰਦਾ ਕਰ ਰਹੇ ਹਨ। ਸ਼ਹੀਦ ਏ ਆਜ਼ਮ ਭਗਤ ਸਿੰਘ ਦੇਸ਼ ਦੇ ਲਈ ਲੜੇ ਜਿਨ੍ਹਾਂ ਦੇ ਨਾਲ ਲਾਲਾ ਲਾਜਪਤ ਰਾਏ, ਚੰਦਰ ਸ਼ੇਖਰ ਅਜ਼ਾਦ ਵਰਗੇ ਸੂਰਮਿਆਂ ਨੇ ਵੀ ਸ਼ਹਾਦਤ ਪ੍ਰਾਪਤ ਕੀਤੀ। ਸਿਮਰਨਜੀਤ ਸਿੰਘ ਮਾਨ ਦੇਸ਼ ਭਗਤਾਂ ਨੂੰ ਅੱਤਵਾਦੀ ਕਹਿਣ ਵਾਲੇ ਕੌਣ ਹੁੰਦੇ ਹਨ।