ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦੂਸ਼ਿਤ ਪਾਣੀਆਂ ਨੂੰ ਸ਼ੁੱਧ ਕਰਨ ਅਤੇ ਨਹਿਰੀ ਪ੍ਰਬੰਧ ਨਵਿਆਉਣ ਲਈ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਹਿਰੀ ਪ੍ਰਬੰਧ ਦੀ ਮਜ਼ਬੂਤੀ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਮੰਗਿਆ।
ਮਾਨ ਨੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਦੌਰਾਨ ਸੂਬੇ ਵਿੱਚ ਮੌਜੂਦਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਅਤੇ ਮੁਰੰਮਤ ਕਰਨ ਲਈ ਵਿਸ਼ੇਸ਼ ਪੈਕੇਜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਬਣੀ ਅਪਰ ਬਾਰੀ ਦੁਆਬ ਨਹਿਰ (ਯੂਬੀਡੀਸੀ) ਦੀ ਮਾੜੀ ਹਾਲਤ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਮਾੜੇ ਨਹਿਰੀ ਸਿਸਟਮ ਕਾਰਨ ਮੁਸ਼ਕਲਾਂ ਆ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਤਲੁਜ ਦਰਿਆ ਦੀ ਸਹਾਇਕ ਨਦੀ, ਬੁੱਢੇ ਨਾਲੇ ਦੀ ਸਫ਼ਾਈ ਲਈ 850 ਕਰੋੜ ਦਾ ਪ੍ਰਾਜੈਕਟ ਸ਼ੁਰੂ ਕੀਤਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨਵੀਆਂ ਤਕਨੀਕਾਂ ਲਿਆਉਣ ਲਈ ਇਸ ਪ੍ਰਾਜੈਕਟ ਵਿੱਚ ਸੂਬਾ ਸਰਕਾਰ ਦੀ ਮਦਦ ਕਰੇ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੱਤਾ।