Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲਿਸ ਵਿਚਾਲੇ ਝੜਪ

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲਿਸ ਵਿਚਾਲੇ ਝੜਪ

ਤਿੰਨ ਬੇਰੁਜ਼ਗਾਰਾਂ ਵੱਲੋਂ ਖ਼ੁਦ ਨੂੰ ਅੱਗ ਲਾਉਣ ਦਾ ਯਤਨ; ਪੁਲਿਸ ਵੱਲੋਂ ਲਾਠੀਚਾਰਜ ਤੇ ਜਲ ਤੋਪਾਂ ਦੀ ਵਰਤੋਂ
ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਲਈ ਸੋਮਵਾਰ ਨੂੰ ਇੱਥੇ ਪੁੱਜੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕਣ ਦੌਰਾਨ ਪੁਲਿਸ ਮੁਲਾਜ਼ਮਾਂ ਤੇ ਧਰਨਾਕਾਰੀਆਂ ਵਿਚਾਲੇ ਝੜਪ ਹੋ ਗਈ। ਇਸ ਮੌਕੇ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ।
ਇਸ ਦੌਰਾਨ ਕਈ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋ ਗਏ ਤੇ ਵੱਡੀ ਗਿਣਤੀ ਧਰਨਾਕਾਰੀਆਂ ਦੀਆਂ ਪੱਗਾਂ ਲੱਥ ਗਈਆਂ। ਦੋ ਲੜਕੀਆਂ ਸਣੇ ਤਿੰਨ ਬੇਰੁਜ਼ਗਾਰ ਅਧਿਆਪਕਾਂ ਨੂੰ ਸਿਵਲ ਹਸਪਤਾਲ ਲੈ ਕੇ ਜਾਣਾ ਗਿਆ। ਪੁਲਿਸ ਨਾਲ ਹੋਈ ਝੜਪ ਮਗਰੋਂ ਰੋਹ ਵਿੱਚ ਆਏ ਬੇਰੁਜ਼ਗਾਰ ਅਧਿਆਪਕਾਂ ‘ਚੋਂ ਦੋ ਲੜਕੀਆਂ ਤੇ ਇੱਕ ਲੜਕੇ ਨੇ ਪੁਲਿਸ ਦੀ ਮੌਜੂਦਗੀ ਵਿੱਚ ਆਪਣੇ ਉੱਪਰ ਤੇਲ ਛਿੜਕਦਿਆਂ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਲਿਆ। ਧਰਨਾਕਾਰੀਆਂ ਤੇ ਪੁਲਿਸ ਵਿਚਾਲੇ ਕਰੀਬ ਦੋ ਘੰਟਿਆਂ ਤੱਕ ਇਹ ਜੱਦੋ-ਜਹਿਦ ਜਾਰੀ ਰਹੀ।
ਪ੍ਰਾਪਤ ਜਾਣਕਾਰੀ ਅਨੁਸਾਰ ਬੇਰੁਜ਼ਗਾਰ 646 ਪੀਟੀਆਈ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਲਾਭ ਸਿੰਘ ਭੋਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰਾਂ ਨੇ ਜਿਉਂ ਹੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਉਨ੍ਹਾਂ ਦੀ ਝੜਪ ਹੋ ਗਈ। ਪਾਣੀ ਦੀਆਂ ਬੁਛਾੜਾਂ ਵੱਜਣ ਕਾਰਨ ਸਿੱਪੀ ਸ਼ਰਮਾ ਅਤੇ ਨਿਸ਼ਾ ਫਾਜ਼ਿਲਕਾ ਨਾਂ ਦੀਆਂ ਲੜਕੀਆਂ ਬੇਹੋਸ਼ ਹੋ ਗਈਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ।
ਇਸ ਦੌਰਾਨ ਮਨਜੀਤ ਸਿੰਘ ਮਲੋਟ, ਜਰਨੈਲ ਸਿੰਘ ਮੰਡਵੀ ਤੇ ਤਰਸੇਮ ਮੂਣਕ ਵੀ ਜ਼ਖ਼ਮੀ ਹੋ ਗਏ। ਦੋ ਲੜਕੀਆਂ ਸਣੇ ਇੱਕ ਹੋਰ ਲੜਕੇ ਲੱਕੀ ਸ਼ਾਹ ਨੇ ਜਦੋਂ ਖ਼ੁਦ ‘ਤੇ ਤੇਲ ਪਾ ਕੇ ਅੱਗ ਲਾਉਣ ਦਾ ਯਤਨ ਕੀਤਾ ਤਾਂ ਪੁਲਿਸ ਵੱਲੋਂ ਵਰਤੀ ਗਈ ਅੱਗ ਬੁਝਾਉਣ ਵਾਲੀ ਗੈਸ ਉਸ ਦੀਆਂ ਅੱਖਾਂ ਵਿੱਚ ਪੈ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਕੁਲਵਿੰਦਰ ਕੌਰ ਫਾਜ਼ਿਲਕਾ ਵੀ ਜ਼ਖ਼ਮੀ ਹੋਈ ਤੇ ਮਨਜੀਤ ਸਿੰਘ ਅਬੋਹਰ ਬੇਹੋਸ਼ ਹੋ ਗਿਆ। ਡੀਐੱਸਪੀ ਨੇ ਇੱਕ ਪੱਤਰਕਾਰ ਦੀ ਲੱਤ ‘ਤੇ ਡਾਂਗ ਮਾਰ ਦਿੱਤੀ, ਜਿਸ ਦਾ ਵਿਰੋਧ ਕਰਨ ‘ਤੇ ਬਾਅਦ ਵਿੱਚ ਪੁਲਿਸ ਅਧਿਕਾਰੀ ਨੂੰ ਮੀਡੀਆ ਕੋਲੋਂ ਮੁਆਫ਼ੀ ਮੰਗਣੀ ਪਈ। ਸ਼ਾਮ ਕਰੀਬ 6 ਵਜੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 4 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਦਾ ਸਮਾਂ ਲੈ ਕੇ ਦਿੱਤੇ ਜਾਣ ਤੋਂ ਬਾਅਦ ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …