ਕੈਪਟਨ ਅਮਰਿੰਦਰ ਦੇ ਫਾਰਮ ਹਾਊਸ ਨਾਲ ਲਗਦੀ ਜ਼ਮੀਨ ‘ਤੇ 13 ਵਿਅਕਤੀਆਂ ਨੇ ਕੀਤਾ ਹੋਇਆ ਸੀ ਕਬਜ਼ਾ : ਧਾਲੀਵਾਲ
ਕੁਰਾਲੀ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਚੰਡੀਗੜ੍ਹ ਦੀ ਜੂਹ ‘ਚ ਵੱਸੇ ਪਿੰਡ ਸਿਸਵਾਂ ਦੀ 125 ਏਕੜ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ ਹੈ।
ਇਸ ਜ਼ਮੀਨ ਦੀ ਕੀਮਤ ਕਈ ਕਰੋੜ ਰੁਪਏ ਦੱਸੀ ਜਾ ਰਹੀ ਹੈ, ਜਿਸ ‘ਤੇ 13 ਵਿਅਕਤੀਆਂ ਨੇ ਕਬਜ਼ਾ ਕੀਤਾ ਹੋਇਆ ਸੀ।
ਇਸ ਸਬੰਧੀ ਸਿਸਵਾਂ ਡੈਮ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਨੇ ਸਿਸਵਾਂ ਪਿੰਡ ਦੀ ਪੰਚਾਇਤੀ ਜ਼ਮੀਨ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਮਾਲ ਵਿਭਾਗ ਦੇ ਰਿਕਾਰਡ ਵਿੱਚ ਇੰਦਰਾਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਨਾਲ ਲੱਗਦੀ ਪਿੰਡ ਦੀ 125 ਏਕੜ ਜ਼ਮੀਨ ‘ਤੇ 13 ਵਿਅਕਤੀਆਂ ਨੇ ਕਬਜ਼ਾ ਕੀਤਾ ਹੋਇਆ ਸੀ। ਇਸ ਜ਼ਮੀਨ ਦੀ ਕੀਮਤ ਕਰੀਬ ਦੋ-ਢਾਈ ਕਰੋੜ ਰੁਪਏ ਪ੍ਰਤੀ ਏਕੜ ਬਣਦੀ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਇਸ ਖੇਤਰ ਵਿੱਚ ਨਾਜਾਇਜ਼ ਕਬਜ਼ੇ ਹੇਠ ਅੱਠ ਹਜ਼ਾਰ ਏਕੜ ਜ਼ਮੀਨ ਨੂੰ ਛੁਡਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਹੁਣ ਤੱਕ 6225 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਹੈ।
‘ਸ਼ਹਿਰਾਂ ਨਾਲ ਲਗਦੀਆਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਹਟਾਏ ਜਾਣਗੇ’
ਟਾਂਡਾ : ਪੇਂਡੂ ਵਿਕਾਸ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਾਂਡਾ ‘ਚ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਠੰਢੀ ਨਹੀਂ ਪਈ ਬਲਕਿ ਝੋਨੇ ਦਾ ਸੀਜ਼ਨ ਹੋਣ ਕਾਰਨ ਕੁਝ ਸਮੇਂ ਲਈ ਰੋਕੀ ਗਈ ਹੈ, ਜੋ ਜ਼ਮੀਨਾਂ ਵਿਹਲੀਆਂ ਹੋਣ ਤੋਂ ਬਾਅਦ ਪਹਿਲਾਂ ਵਾਂਗ ਜਾਰੀ ਰਹੇਗੀ। ਉਹ ਇੱਥੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਘਰ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਵੱਡੇ ਸ਼ਹਿਰਾਂ ਨਾਲ ਲੱਗਦੀਆਂ ਸਰਕਾਰੀ ਜ਼ਮੀਨਾਂ ਖਾਲੀ ਕਰਵਾਈਆਂ ਜਾਣਗੀਆਂ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …