ਵਾਰਿਸ ਸ਼ਾਹ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਦੌਰਾਨ ਬਰਨਾਲਾ ‘ਚ ਆਧੁਨਿਕ ਲਾਇਬਰੇਰੀ ਬਣਾਉਣ ਦਾ ਐਲਾਨ
ਬਰਨਾਲਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਆਪਕ ਮੁਹਿੰਮ ਵਿੱਢੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਈਐੱਸ ਕਾਲਜ ਹੰਡਿਆਇਆ ਵਿੱਚ ਪ੍ਰਸਿੱਧ ਕਿੱਸਾਕਾਰ ਵਾਰਿਸ ਸ਼ਾਹ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਹੇਅਰ ਨੇ ਕਿਹਾ ਕਿ ਇਸ ਸਬੰਧੀ ਪਲੇਠਾ ਕਦਮ ਪੁੱਟਦੇ ਹੋਏ ਰਾਜ ਦੇ ਸਮੂਹ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਹੋਰ ਥਾਵਾਂ ‘ਤੇ ਨਾਂ ਪੱਟੀਆਂ, ਸਾਈਨ ਬੋਰਡ ਆਦਿ ‘ਤੇ ਸਭ ਤੋਂ ਉੱਪਰ ਪੰਜਾਬੀ ‘ਚ ਨਾਂ ਲਿਖਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀਆਂ ਬਣਾਉਣ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਤੇ ਬਰਨਾਲਾ ਵਿੱਚ ਲਾਇਬ੍ਰੇਰੀ ਨਾਲ ਸਾਹਿਤਕਾਰਾਂ ਲਈ ਭਵਨ ਵੀ ਉਸਾਰਿਆ ਜਾਵੇਗਾ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ, ਪੰਜਾਬੀ ਸਾਹਿਤ ਰਤਨ ਓਮ ਪ੍ਰਕਾਸ਼ ਗਾਸੋ, ਸ਼੍ਰੋਮਣੀ ਪੰਜਾਬੀ ਆਲੋਚਕ ਡਾ. ਸੁਰਜੀਤ ਸਿੰਘ ਭੱਟੀ ਤੇ ਭਾਸ਼ਾ ਵਿਭਾਗ ਦੀ ਸੰਯੁਕਤ ਡਾਇਰੈਕਟਰ ਵੀਰਪਾਲ ਕੌਰ ਨੇ ਵੀ ਸੰਬੋਧਨ ਕੀਤਾ।
ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਬਾਰੇ ਗੱਲ ਕਰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਦੇ ਹਨ ਤੇ ਇਹ ਧਰੋਹਰ ਕਿਸੇ ਵੀ ਕੀਮਤ ‘ਤੇ ਖੁੱਸਣ ਨਹੀਂ ਦਿੱਤੀ ਜਾਵੇਗੀ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …