ਮੁੱਖ ਮੰੰਤਰੀ ਨੇ ਅਜਿਹੀਆਂ ਗੱਲਾਂ ਨੂੰ ਨਕਾਰਿਆ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਚਾਲੇ ਨਰਾਜ਼ਗੀ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਦੌਰਾਨ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨਾਲ ਕੋਈ ਵਿਵਾਦ ਨਹੀਂ ਹੈ। ਜ਼ਿਕਰਯੋਗ ਹੈ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਦੇ ਅਸਤੀਫ਼ਾ ਦੇਣ ਅਤੇ ਐਡਵੋਕੇਟ ਵਿਨੋਦ ਘਈ ਦੇ ਨਵਾਂ ਏਜੀ ਲੱਗਣ ਪਿੱਛੋਂ ਇਸ ਗੱਲ ਦੀ ਚਰਚਾ ਚੱਲ ਰਹੀ ਹੈ ਕਿ ਭਗਵੰਤ ਮਾਨ ਤੇ ਰਾਘਵ ਚੱਢਾ ਵਿਚਾਲੇ ਸਭ ਕੁਝ ਠੀਕ ਨਹੀਂ ਚੱਲ ਰਿਹਾ। ਮੁੱਖ ਮੰਤਰੀ ਨੇ ਕਿਹਾ ਕਿ ਇਹੋ ਜਿਹੀਆਂ ਗੱਲਾਂ ਵਿਰੋਧੀ ਧਿਰ ਵੱਲੋਂ ਭਰਮ ਫੈਲਾਉਣ ਲਈ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਦਾ ਕਹਿਣਾ ਸੀ ਕਿ ਵਿਨੋਦ ਘਈ ਪ੍ਰਸਿੱਧ ਵਕੀਲ ਹਨ ਤੇ ਉਹ ਪੰਜਾਬ ਦੇ ਹਿੱਤਾਂ ਲਈ ਕੰਮ ਕਰਨਗੇ। ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਵਿਨੋਦ ਘਈ ਨੂੰ ਨਵੇਂ ਐਡਵੋਕੇਟ ਜਨਰਲ ਵਜੋਂ ਨਿਯੁਕਤ ਕਰਨ ਲਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਦੇ ਵਕੀਲ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਏ.ਜੀ. ਨਿਯੁਕਤ ਕੀਤੇ ਜਾਣ ਨਾਲ ਆਖਰਕਾਰ ‘ਆਪ’ ਦੀ ਸਾਜ਼ਿਸ਼ੀ ਰਾਜਨੀਤੀ ਦਾ ਪਰਦਾਫਾਸ਼ ਹੋ ਗਿਆ ਹੈ।