ਚੰਡੀਗੜ੍ਹ/ਬਿਊਰੋ ਨਿਊਜ਼ : ਨੈਸ਼ਨਲ ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਉਨ੍ਹਾਂ ਰਾਜਪਾਲ ਕੋਲ ਸ਼ਿਕਾਇਤ ਕੀਤੀ। ਵਿਜੇ ਸਾਂਪਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਰਵੱਈਆ ਦਲਿਤ ਵਿਰੋਧੀ ਹੈ ਅਤੇ ਉਨ੍ਹਾਂ ਰਾਜਪਾਲ ਨੂੰ ਕਿਹਾ ਕਿ ਉਹ ਇਸ ’ਤੇ ਕਾਰਵਾਈ ਕਰਨ। ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਸਾਂਪਲਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਮਾਮਲੇ ਨੂੰ ਧਿਆਨ ਵਿਚ ਰੱਖਦੇ ਹੋਏ ਬਣਦੀ ਉਚਿਤ ਕਾਰਵਾਈ ਕਰਨਗੇ। ਸਾਂਪਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਰੀਬ ਬੱਚਿਆਂ ਦੀ ਪੜ੍ਹਾਈ ਲਈ ਸਕਾਲਰਸ਼ਿਪ ਯੋਜਨਾ ਚਲਾਈ ਜਾ ਰਹੀ ਤਾਂ ਜੋ ਗਰੀਬ ਬੱਚੇ ਪੜ੍ਹਾਈ ਵਿਚ ਪਿੱਛੇ ਨਾ ਰਹਿ ਜਾਣ। ਪ੍ਰੰਤੂ ਸਾਨੂੰ ਅਜਿਹੀਆਂ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਹਨ ਕਿ ਬੱਚਿਆਂ ਨੂੰ ਸਕਾਲਰਸ਼ਿਪ ਨਹੀਂ ਮਿਲ ਰਹੀ। ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਸਕਾਲਰਸ਼ਿਪ ਦਾ ਪੈਸਾ ਭੇਜਿਆ ਜਾ ਰਿਹਾ ਹੈ ਪ੍ਰੰਤੂ ਪੰਜਾਬ ਸਰਕਾਰ ਵੱਲੋਂ ਇਹ ਪੈਸਾ ਅੱਗੇ ਨਹੀਂ ਦਿੱਤਾ ਜਾ ਰਿਹਾ।