ਪੰਜਾਬ ਸਰਕਾਰ ਨੇ ਪੀ.ਪੀ.ਐੱਸ.ਸੀ. ਦੇ ਮੈਂਬਰਾਂ ਦੀ ਵੀ ਘਟਾਈ ਗਿਣਤੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚੋਂ ਪਟਵਾਰੀਆਂ ਦੀ 1056 ਪੋਸਟਾਂ ਖਤਮ ਕਰ ਦਿੱਤੀਆਂ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨੋਟੀਫਿਕੇਸ਼ਨ ਅਨੁਸਾਰ 3,660 ਆਸਾਮੀਆਂ ਭਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਪਟਵਾਰੀਆਂ ਦੀਆਂ 4,716 ਆਸਾਮੀਆਂ ਭਰੀਆਂ ਜਾਣੀਆਂ ਸਨ। ਇਸੇ ਦੌਰਾਨ ਪੰਜਾਬ ਸਰਕਾਰ ਵਲੋਂ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਵੀ ਅੱਧੀ ਕਰ ਦਿੱਤੀ ਗਈ ਹੈ। ਹੁਣ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ 5 ਮੈਂਬਰ ਹੋਣਗੇ ਜੋ ਪਹਿਲਾਂ 10 ਹੁੰਦੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਟੈਕਸਦਾਤਾਵਾਂ ਦਾ ਪੈਸਾ ਬਚਾਉਣ ਲਈ ਇਹ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਨਾਲ ਕਮਿਸ਼ਨ ਦਾ ਕੰਮ ਕਾਜ ਸੁਚਾਰੂ ਢੰਗ ਨਾਲ ਚੱਲੇਗਾ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ ਪਟਵਾਰੀਆਂ ਦੀਆਂ ਅਸਾਮੀਆਂ ਘਟਾਉਣ ਦੇ ਪੰਜਾਬ ਸਰਕਾਰ ਦੇ ਫੈਸਲੇ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਫੈਸਲੇ ’ਤੇ ਮੁੜ ਗੌਰ ਕਰਨ।