ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਇਹ ਕਿਸ ਤਰ੍ਹਾਂ ਦਾ ਬਦਲਾਅ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੇ ਪੰਜਾਬ ਵਿਧਾਨ ਸਭਾ ਸੈਕਟਰੀਏਟ ਦੀ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਆਸੀ ਘਮਸਾਣ ਛਿੜ ਗਿਆ ਹੈ। ਸਿੰਗਲਾ ਪੰਜਾਬ ਵਿਧਾਨ ਸਭਾ ਸੈਕਟਰੀਏਟ ’ਚ ਸਰਕਾਰੀ ਆਸਵਾਸ਼ਨ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਖੁਦ ਇਸ ਦੀ ਫੋਟੋ ਸ਼ੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ। ਜਿਸ ਤੋਂ ਬਾਅਦ ਪੰਜਾਬ ਕਾਂਗਰਸ ਨੇ ਇਸ ’ਤੇ ਤੰਜ ਕਸਦਿਆਂ ਦੇਰ ਨਹੀਂ ਲਗਾਈ। ਕਾਂਗਰਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਸਨ ਕਿ ਭਿ੍ਰਸ਼ਟ ਮੰਤਰੀਆਂ ਅਤੇ ਵਿਧਾਇਕਾਂ ਲਈ ਉਨ੍ਹਾਂ ਦੀ ਸਰਕਾਰ ਵਿਚ ਕੋਈ ਥਾਂ ਨਹੀਂ। ਪ੍ਰੰਤੂ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਬਰਖਾਸਤ ਕੀਤੇ ਗਏ ਸਾਬਕਾ ਸਿਹਤ ਮੰਤਰੀ ਵਿਧਾਨ ਸਭਾ ਸੈਕਟਰੀਏਟ ਵਿਚ ਮੀਟਿੰਗ ਕਰ ਰਹੇ ਹਨ। ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਇਹ ਕਿਸ ਤਰ੍ਹਾਂ ਦਾ ਬਦਲਾਅ ਹੈ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਮਾਨਸਾ ਤੋਂ ਵਿਧਾਇਕ ਬਣੇ ਡਾ. ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਬਣਾਇਆ ਗਿਆ ਸੀ। ਜਦਕਿ 2 ਮਹੀਨੇ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਿ੍ਰਸ਼ਟਾਚਾਰ ਦੇ ਆਰੋਪ ਲੱਗਣ ਤੋਂ ਬਾਅਦ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।