ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪਰਵਾਸੀ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਨਵੀਂ ਐਨ.ਆਰ.ਆਈ ਨੀਤੀ ਜਲਦ ਲਿਆਂਦੀ ਜਾਵੇਗੀ। ਚੰਡੀਗੜ੍ਹ ਵਿਚ ਸੂਬੇ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਨਵੀਂ ਐਨ.ਆਰ.ਆਈ ਡਰਾਫਟ ਪਾਲਿਸੀ ਬਾਰੇ ਲੰਮੀ ਵਿਚਾਰ ਚਰਚਾ ਕੀਤੀ। ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਦੇ ਵੇਰਵਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਰਵਾਸੀ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਪ੍ਰੋਗਰਾਮ ਚਲਾਇਆ ਗਿਆ ਹੈ, ਉਸੇ ਤਰਜ਼ ‘ਤੇ ਭਗਵੰਤ ਮਾਨ ਸਰਕਾਰ ਵਲੋਂ ਬਜ਼ੁਰਗਾਂ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ। ਜਿਸਦੇ ਤਹਿਤ ਪਰਵਾਸੀ ਪੰਜਾਬੀ ਬਜ਼ੁਰਗਾਂ ਨੂੰ ਸੂਬੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਮੁਫਤ ਯਾਤਰਾ ਕਰਵਾਈ ਜਾਵੇਗੀ। ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਪਰਵਾਸੀ ਪੰਜਾਬੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਲਈ ਸਿਵਲ ਲੋਕ ਅਦਾਲਤਾਂ ਦੀ ਤਰਜ਼ ‘ਤੇ ਪਰਵਾਸੀਆਂ ਦੇ ਮਸਲੇ ਨਿਬੇੜਨ ਲਈ ਐਨ.ਆਰ.ਆਈ ਲੋਕ ਅਦਾਲਤਾਂ ਸਥਾਪਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਨ੍ਹਾਂ ਅਦਾਲਤਾਂ ਵਿਚ ਖਾਸ ਤੌਰ ‘ਤੇ ਜ਼ਮੀਨਾਂ ਅਤੇ ਵਿਆਹਾਂ ਦੇ ਝਗੜੇ ਮੌਕੇ ‘ਤੇ ਹੀ ਆਪਸੀ ਸਹਿਮਤੀ ਨਾਲ ਨਿਬੇੜੇ ਜਾਣਗੇ, ਜਿਸ ਨੂੰ ਕਾਨੂੰਨੀ ਮਾਨਤਾ ਹੋਵੇਗੀ। ਐੱਨਆਰਆਈਜ਼ ਦੇ ਮਸਲਿਆਂ ਦੇ ਜ਼ਿਲ੍ਹਾ ਪੱਧਰ ‘ਤੇ ਨਿਬੇੜੇ ਲਈ ਹਰ ਜ਼ਿਲ੍ਹੇ ਵਿਚ ਇੱਕ ਪੀਸੀਐੱਸ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਤੈਨਾਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਆਮ ਤੌਰ ‘ਤੇ ਐੱਨਆਰਆਈਜ਼ ਦੀਆਂ ਜ਼ਮੀਨਾਂ ‘ਤੇ ਕਬਜ਼ਿਆਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਦੇ ਹੱਲ ਲਈ ਫ਼ੈਸਲਾ ਲਿਆ ਗਿਆ ਹੈ ਕਿ ਅਜਿਹਾ ਕਾਨੂੰਨੀ ਬਦਲਾਅ ਕੀਤਾ ਜਾਵੇ ਕਿ ਐੱਨਆਰਆਈਜ਼ ਦੀਆਂ ਜ਼ਮੀਨਾਂ ਦੀ ਗਿਰਦਾਵਰੀ ਸਹਿਮਤੀ ਬਿਨਾਂ ਨਾ ਬਦਲੀ ਜਾ ਸਕੇ। ਮੀਟਿੰਗ ਵਿਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਪਰਵਾਸੀ ਪੰਜਾਬੀਆਂ ਦੀ ਕਾਨੂੰਨੀ ਸਹਾਇਤਾ ਲਈ ਐਡਵੋਕੇਟ ਜਨਰਲ ਦਫ਼ਤਰ ‘ਚੋਂ ਵਕੀਲਾਂ ਦਾ ਪੈਨਲ ਲਿਆ ਜਾਵੇਗਾ। ਲੋੜ ਪੈਣ ‘ਤੇ ਐੱਨਆਰਆਈਜ਼ ਇਨ੍ਹਾਂ ਵਕੀਲਾਂ ਕੋਲੋਂ ਕਾਨੂੰਨੀ ਸਹਾਇਤਾ ਲੈ ਸਕਣਗੇ। ਇਸ ਮੌਕੇ ਮੰਤਰੀ ਨੇ ਐੱਨਆਰਆਈ ਸਭਾ ਜਲੰਧਰ ਦੇ ਕੰਮਾਂ ਦੀ ਸਮੀਖਿਆ ਕਰਨ ਲਈ ਹਦਾਇਤਾਂ ਵੀ ਜਾਰੀ ਕੀਤੀਆਂ।