Breaking News
Home / ਪੰਜਾਬ / ਪੰਚਾਇਤੀ ਜ਼ਮੀਨ ‘ਤੇ ਕਬਜ਼ਾ

ਪੰਚਾਇਤੀ ਜ਼ਮੀਨ ‘ਤੇ ਕਬਜ਼ਾ

ਐਲਪੀਯੂ ਵੀ ਜਾਂਚ ਦੇ ਘੇਰੇ ਵਿੱਚ ਆਈ
‘ਆਪ’ ਦਾ ਰਾਜ ਸਭਾ ਮੈਂਬਰ ਹੈ ਐਲਪੀਯੂ ਦਾ ਮਾਲਕ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਦੀ ਮਲਕੀਅਤ ਵਾਲੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਹੁਣ ਪੰਚਾਇਤੀ ਜ਼ਮੀਨੀ ‘ਤੇ ਕਬਜ਼ਾ ਕਰਨ ਦੇ ਮਾਮਲੇ ‘ਚ ਜਾਂਚ ਦੇ ਘੇਰੇ ਵਿੱਚ ਆ ਗਈ ਹੈ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਜ਼ਮੀਨ ਖਾਲੀ ਕਰਵਾਉਣ ‘ਚ ਤੇਜ਼ੀ ਨਹੀਂ ਦਿਖਾ ਰਿਹਾ। ਜ਼ਿਕਰਯੋਗ ਹੈ ਕਿ ਐਲਪੀਯੂ ਦਾ ਮਾਲਕ ਆਮ ਆਦਮੀ ਪਾਰਟੀ ਦਾ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਹੈ।
ਪ੍ਰਾਪਤ ਹੋਏ ਦਸਤਾਵੇਜ਼ਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੀ ਪ੍ਰਧਾਨਗੀ ਹੇਠ 3 ਜੂਨ ਨੂੰ ਹੋਈ ਮੀਟਿੰਗ ਦੌਰਾਨ ਇਹ ਮੁੱਦਾ ਸਾਹਮਣੇ ਆਇਆ ਸੀ। ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਐੱਲਪੀਯੂ ਦੇ ਕਬਜ਼ੇ ਤੋਂ ਪੰਚਾਇਤੀ ਜ਼ਮੀਨ ਤੁਰੰਤ ਖਾਲੀ ਕਰਵਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਸਨ ਪਰ ਜਲੰਧਰ ਤੇ ਕਪੂਰਥਲਾ ਵਿਚਲੇ ਮੰਤਰਾਲੇ ਦੇ ਵਿਭਾਗੀ ਅਧਿਕਾਰੀਆਂ ਨੇ ਇਸ ਮਾਮਲੇ ‘ਚ ਪੈਰ ਪਿੱਛੇ ਖਿੱਚਣੇ ਸ਼ੁਰੂ ਕਰ ਦਿੱਤੇ ਤੇ ਪੰਚਾਇਤੀ ਜ਼ਮੀਨ ਛੁਡਵਾਉਣ ਲਈ ਕੋਈ ਕਦਮ ਚੁੱਕਣ ਤੋਂ ਨਾਕਾਮ ਰਹੇ। ਇਸ ਮਸਲੇ ਦਾ ਨੋਟਿਸ ਲੈਂਦਿਆਂ ਹੁਣ ਚੰਡੀਗੜ੍ਹ ਆਧਾਰਿਤ ਨਾਜਾਇਜ਼ ਕਬਜ਼ੇ ਹਟਾਊ ਸੈੱਲ ਨੇ ਜਲੰਧਰ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀਡੀਪੀਓ) ਤੋਂ ਕਾਰਵਾਈ ਰਿਪੋਰਟ ਮੰਗੀ ਹੈ। ਇਸ ਸਬੰਧੀ ਜਲੰਧਰ ਦੇ ਡੀਡੀਪੀਓ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਬੰਧਤ ਜ਼ਮੀਨ ਕਪੂਰਥਲਾ ਜ਼ਿਲ੍ਹੇ ਅਧੀਨ ਆਉਂਦੀ ਹੈ। ਕਪੂਰਥਲਾ ਦੇ ਡੀਡੀਪੀਓ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਮੌਕਾ ਦੇਖਣ ਗਏ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਚਾਇਤੀ ਜ਼ਮੀਨ ਦਾ ਇੱਕ ਹਿੱਸਾ ਪਿੰਡ ਹਰਦਾਸਪੁਰ ‘ਚ ਪੈਂਦਾ ਹੈ ਜੋ ਐੱਲਪੀਯੂ ਦੇ ਕਬਜ਼ੇ ਹੇਠ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਇਸ ਕਬਜ਼ੇ ਖਿਲਾਫ ਕੇਸ ਦਾਇਰ ਕਰਨ ਲਈ ਕਿਹਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ

ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …