4.3 C
Toronto
Wednesday, October 29, 2025
spot_img
Homeਪੰਜਾਬਸਰਾਵਾਂ 'ਤੇ ਟੈਕਸ ਲਾਉਣ ਦਾ 'ਆਪ' ਵੱਲੋਂ ਵਿਰੋਧ

ਸਰਾਵਾਂ ‘ਤੇ ਟੈਕਸ ਲਾਉਣ ਦਾ ‘ਆਪ’ ਵੱਲੋਂ ਵਿਰੋਧ

ਅੰਮ੍ਰਿਤਸਰ ‘ਚ ਭਾਜਪਾ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ‘ਤੇ ਕੇਂਦਰ ਸਰਕਾਰ ਵਲੋਂ 12 ਫ਼ੀਸਦ ਜੀਐੱਸਟੀ ਲਾਉਣ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਰੋਸ ਵਿਖਾਵਾ ਅਤੇ ਮਾਰਚ ਕੀਤਾ ਗਿਆ। ਰੋਸ ਮਾਰਚ ਵਿੱਚ ‘ਆਪ’ ਆਗੂਆਂ, ਵਾਲੰਟੀਅਰਾਂ ਅਤੇ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ।
ਸੂਬਾ ਪੱਧਰੀ ਰੋਸ ਵਿਖਾਵੇ ਦੀ ਅਗਵਾਈ ਸੂਬਾ ਸਕੱਤਰ ਗੁਰਦੇਵ ਸਿੰਘ ਲਾਖਣਾ, ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ, ਖਡੂਰ ਸਾਹਿਬ ਲੋਕ ਸਭਾ ਇੰਚਾਰਜ ਬਲਜੀਤ ਸਿੰਘ ਖਹਿਰਾ ਅਤੇ ਸਕੱਤਰ ਜਸਪ੍ਰੀਤ ਸਿੰਘ ਵੱਲੋਂ ਕੀਤੀ ਗਈ। ਪ੍ਰਦਰਸ਼ਨਕਾਰੀ ਪਹਿਲਾਂ ਭੰਡਾਰੀ ਪੁਲ ‘ਤੇ ‘ਆਪ’ ਦੇ ਦਫ਼ਤਰ ਨੇੜੇ ਇਕੱਠੇ ਹੋਏ। ਉਨ੍ਹਾਂ ਟੈਕਸ ਵਿਰੋਧੀ ਤੇ ਕੇਂਦਰ ਸਰਕਾਰ ਖਿਲਾਫ ਨਾਅਰਿਆਂ ਵਾਲੀਆਂ ਤਖਤੀਆਂ ਤੇ ਬੈਨਰ ਆਦਿ ਚੁੱਕੇ ਹੋਏ ਸਨ। ਤਖਤੀਆਂ, ਬੈਨਰਾਂ ‘ਤੇ ‘ਭਾਜਪਾ ਸਰਕਾਰ ਪੰਜਾਬ ਵਿਰੋਧੀ-ਭਾਜਪਾ ਸਰਕਾਰ ਸ਼ਰਧਾਲੂ ਵਿਰੋਧੀ’ ਅਤੇ ‘ਸਰਾਵਾਂ ਉੱਤੇ ਹਮਲੇ ਬੰਦ ਕਰੋ’ ਆਦਿ ਨਾਅਰੇ ਲਿਖੇ ਹੋਏ ਸਨ। ਪ੍ਰਦਰਸ਼ਨਕਾਰੀ ਭਾਜਪਾ ਸਰਕਾਰ ਖਿਲਾਫ ਨਾਅਰੇਬਾਜ਼ੀ ਅਤੇ ਮਾਰਚ ਕਰਦੇ ਹੋਏ ਹਾਲ ਗੇਟ ਪੁੱਜੇ। ਸੂਬਾ ਸਕੱਤਰ ਗੁਰਦੇਵ ਸਿੰਘ ਲਾਖਣਾ ਨੇ ਕਿਹਾ ਕਿ ਸਿੱਖ ਸਰਾਵਾਂ ‘ਤੇ 12 ਫ਼ੀਸਦ ਜੀਐੱਸਟੀ ਲਾਉਣਾ ਮੋਦੀ ਸਰਕਾਰ ਦਾ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਫੈਸਲਾ ਬੇਹੱਦ ਮੰਦਭਾਗਾ ਹੈ।
ਉਨ੍ਹਾਂ ਧਾਰਮਿਕ ਸਥਾਨਾਂ ‘ਤੇ ਜੀਐੱਸਟੀ ਲਾਉਣ ਨੂੰ ‘ਜਜ਼ੀਆ ਟੈਕਸ’ ਕਰਾਰ ਦਿੰਦਿਆਂ ਕਿਹਾ ਕਿ ਇਹ ਟੈਕਸ ਤਾਂ ਕਾਰੋਬਾਰਾਂ ‘ਤੇ ਲੱਗਦਾ ਹੈ। ਜਦਕਿ ਸਰਾਵਾਂ ਸਿਰਫ਼ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਬਣਾਈਆਂ ਗਈਆਂ ਹਨ ਜਿੱਥੇ ਕਿਸੇ ਦਾ ਕੋਈ ਨਿੱਜੀ ਫਾਇਦਾ ਨਹੀਂ ਜੁੜਿਆ ਹੋਇਆ। ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਧਰਮ ਦੀ ਰਾਜਨੀਤੀ ਕਰਦੀ ਰਹੀ ਹੈ।
ਹੁਣ ਸਾਹ ਲੈਣ ‘ਤੇ ਹੀ ਜੀਐੱਸਟੀ ਲਾਉਣਾ ਬਾਕੀ : ਭਗਵੰਤ ਮਾਨ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇੜਲੀਆਂ ਸਰਾਵਾਂ ‘ਤੇ 12 ਫ਼ੀਸਦ ਜੀਐੱਸਟੀ ਲਗਾਉਣ ਦੇ ਫ਼ੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕੇਂਦਰ ਵੱਲੋਂ ਸਰਾਵਾਂ ‘ਤੇ ਲਾਏ ਜੀਐਸਟੀ ‘ਤੇ ਵਿਅੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੁਣ ਕੇਵਲ ਸਾਹ ਲੈਣ ‘ਤੇ ਜੀਐਸਟੀ ਲਾਉਣਾ ਬਾਕੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਆਟੇ, ਦਹੀਂ ਤੇ ਲੱਸੀ ‘ਤੇ ਵੀ ਜੀਐਸਟੀ ਲਗਾ ਦਿੱਤਾ ਹੈ। ਹੁਣ ਸ਼ਰਧਾ ‘ਤੇ ਵੀ ਜੀਐਸਟੀ ਲਗਾ ਦਿੱਤਾ ਗਿਆ ਹੈ। ਉਨ੍ਹਾਂ ਕੇਂਦਰ ਤੋਂ ਤਾਜ਼ਾ ਲਗਾਏ ਜੀਐਸਟੀ ਦੀ ਵਾਪਸੀ ਦੀ ਮੰਗ ਕੀਤੀ।
ਮਾਨ ਨੇ ਕਿਹਾ ਕਿ ਕੇਂਦਰ ਦੇ ਫੈਸਲੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸਮੂਹ ਸੰਗਤ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਐੱਨਆਰਆਈ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਦਰਬਾਰ ਸਾਹਿਬ ਨਾਲ ਸਬੰਧਤ ਹਨ। ਇਨ੍ਹਾਂ ਸਰਾਵਾਂ ਦਾ ਮੁੱਖ ਮਨੋਰਥ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਆਉਂਦੀ ਸੰਗਤ ਦੇ ਰਹਿਣ ਦੀ ਵਿਵਸਥਾ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਾਵਾਂ ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਲਈ ਬਿਨਾਂ ਮੁਨਾਫੇ ਦੇ ਅਰਾਮਦਾਇਕ ਠਹਿਰ ਮੁਹੱਈਆ ਕਰਵਾਉਂਦੀਆਂ ਹਨ।
ਭਗਵੰਤ ਮਾਨ ਨੇ ਵਿਆਹ ਮਗਰੋਂ ਪਤਨੀ ਨਾਲ ਪਾਈ ਪਿੰਡ ਸਤੌਜ ਫੇਰੀ
ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਆਹ ਤੋਂ ਬਾਅਦ ਪਤਨੀ ਨਾਲ ਪਹਿਲੀ ਵਾਰ ਪਿੰਡ ਸਤੌਜ ਪੁੱਜੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਦੇ ਸ਼ਰੀਕੇ ਦੇ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਵਿਆਹ ਨਾਲ ਸਬੰਧਤ ਰਸਮਾਂ ਅਦਾ ਕੀਤੀਆਂ ਗਈਆਂ। ਮੁੱਖ ਮੰਤਰੀ ਨੇ ਕਾਫ਼ੀ ਸਮਾਂ ਆਪਣੇ ਜੱਦੀ ਘਰ ਵਿੱਚ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਰਿਸ਼ਤੇਦਾਰਾਂ ਨਾਲ ਬਿਤਾਇਆ। ਇਸ ਸਮੇਂ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਨਵੀਂ ਵਿਆਹੀ ਜੋੜੀ ਨੂੰ ਸ਼ਗਨ ਵੀ ਦਿੱਤਾ। ਉਨ੍ਹਾਂ ਦੀ ਇਸ ਫੇਰੀ ਨੂੰ ਲੈ ਕੇ ਪਿੰਡ ਵਾਸੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਵਿੱਢੀਆਂ ਹੋਈਆਂ ਸਨ। ਇਸ ਤੋਂ ਇਲਾਵਾ ਇਸ ਮੌਕੇ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਪਿੰਡ ਦੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ।

 

RELATED ARTICLES
POPULAR POSTS