ਕਿਹਾ : 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਅੱਜ ਕਿੱਥੇ ਹਨ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਜ਼ਿਲ੍ਹੇ ’ਚ ਪੈਂਦੇ ਮਸਤੂਆਣਾ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਇਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ ਕਾਲਜ ਅਤੇ ਹਸਪਤਾਲ ਦੀ ਸੰਗਰੂਰ ਜ਼ਿਲ੍ਹੇ ਨੂੰ ਬਹੁਤ ਲੋੜ ਸੀ। ਇਹ ਮੈਡੀਕਲ ਕਾਲਜ ਭਾਰਤ ਦਾ ਨੰਬਰ ਵੰਨ ਕਾਲਜ ਹੋਵੇਗਾ ਅਤੇ ਅਪ੍ਰੈਲ 2023 ’ਚ ਇਥੇ ਕਲਾਸਾਂ ਸ਼ੁਰੂ ਹੋ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਭਰੋਸਾ ਕਰਕੇ ਆਪਣਾ ਫਰਜ਼ ਨਿਭਾਇਆ ਹੈ ਅਤੇ ਹੁਣ ਸਾਡੀ ਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਪੂਰੀਆਂ ਹੋਣ ਦਾ ਇੰਤਜ਼ਾਰ ਅਤੇ ਲੋਕ ਇਹ ਗਰੰਟੀਆਂ ਲੈਣ ਲਈ ਕਾਹਲੇ ਹਨ। ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਪੰਜਾਬ ਜਲਦੀ ਤੋਂ ਜਲਦੀ ਠੀਕ ਹੋ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਠੀਕ ਕਰਨ ਲਈ ਲੱਗੇ ਹੋਏ ਹਾਂ ਅਤੇ ਠੀਕ ਕਰਕੇ ਹੀ ਰਹਾਂਗੇ। ਇਸ ਮੌਕੇ ਉਨ੍ਹਾਂ ਬਾਦਲ ਪਰਿਵਾਰ ’ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਕਿ 25 ਸਾਲ ਰਾਜ ਕਰਨ ਦੇ ਦਾਅਵੇ ਕਰਨ ਵਾਲੇ ਅੱਜ ਕਿੱਥੇ ਹਨ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਭਾਵ ਅਕਾਲੀਆਂ ਅਤੇ ਕਾਂਗਰਸੀਆਂ ਨੇ ਮਿਲ ਕੇ ਪੰਜਾਬ ਦੇ ਢਾਂਚੇ ਨੂੰ ਵਿਗਾੜਿਆ ਹੈ ਹੁਣ ਇਸ ਨੂੰ ਠੀਕ ਕਰਨ ਲਈ ਥੋੜ੍ਹਾ ਸਮਾਂ ਤਾਂ ਲੱਗੇਗਾ ਹੀ, ਜਿਸ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ, ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।