ਚੰਡੀਗੜ੍ਹ ’ਚ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
ਚੰਡੀਗੜ੍ਹ/ਬਿਊਰੋ ਨਿਊਜ਼ : ਵਧਦੀ ਮਹਿੰਗਾਈ ਖਿਲਾਫ਼ ਅੱਜ ਦੇਸ਼ ਭਰ ’ਚ ਕਾਂਗਰਸ ਪਾਰਟੀ ਵੱਲੋਂ ਪ੍ਰਦਰਸ਼ਨ ਕੀਤੇ ਗਏ ਸਨ। ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਨ੍ਹਾਂ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਪਰਗਟ ਸਿੰਘ ਅਤੇ ਦਿੱਗਜ਼ ਕਾਂਗਰਸੀ ਆਗੂ ਸ਼ਾਮਲ ਸਨ। ਦੇਸ਼ ਭਰ ’ਚ ਮਹਿੰਗਾਈ ਖਿਲਾਫ਼ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਚਲਦਿਆਂ ਪੰਜਾਬ ਕਾਂਗਰਸ ਨੇ ਵੀ ਸੈਕਟਰ 15 ਤੋਂ ਆਪਣਾ ਪ੍ਰਦਰਸ਼ਨ ਸ਼ੁਰੂ ਕੀਤਾ ਪ੍ਰੰਤੂ ਉਨ੍ਹਾਂ ਕੋਲੋਂ ਮੰਗ ਪੱਤਰ ਲੈਣ ਲਈ ਉਥੇ ਕੋਈ ਨਾ ਪਹੁੰਚਿਆ, ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਗਵਰਨਰ ਹਾਊਸ ਵੱਲੋਂ ਮਾਰਚ ਸ਼ੁਰੂ ਕਰ ਦਿੱਤਾ ਪ੍ਰੰਤੂ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਕਾਂਗਰਸੀ ਆਗੂਆਂ ਨੇ ਅੱਗੇ ਵਧਣ ਦੀ ਜਿੱਦ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ। ਉਧਰ ਨਵੀਂ ਦਿੱਲੀ ਵਿਚ ਕਾਂਗਰਸੀ ਸੰਸਦ ਮੈਂਬਰਾਂ ਅਤੇ ਵਰਕਰਾਂ ਵੱਲੋਂ ਮਹਿੰਗਾਈ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰੰਤੂ ਇਸ ਵਾਰ ਕਾਂਗਰਸ ਪਾਰਟੀ ਦਾ ਅਲੱਗ ਹੀ ਰੁਖ ਦੇਖਣ ਨੂੰ ਮਿਲਿਆ। ਸਭ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਸਾਥੀਆ ਵੱਲੋਂ ਕਾਲੇ ਕੱਪੜੇ ਪਹਿਨ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਰਾਹੁਲ ਗਾਂਧੀ ਰਾਸ਼ਟਰਪਤੀ ਭਵਨ ਤੱਕ ਮਾਰਚ ਕਰਨ ਲਈ ਪਹੁੰਚੇ ਪ੍ਰੰਤੂ ਉਨ੍ਹਾਂ ਨੂੰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਗਿਆ। ਬਾਅਦ ਵਿਚ ਪਿ੍ਰਅੰਕਾ ਗਾਂਧੀ ਨੇ ਮੋਰਚਾ ਸੰਭਾਲਿਆ ਅਤੇ ਉਹ ਆਪਣੇ ਸਾਥੀਆਂ ਸਮੇਤ ਪ੍ਰਧਾਨ ਮੰਤਰੀ ਰਿਹਾਇਸ਼ ਵੱਲ ਵਧੇ ਪ੍ਰੰਤੂ ਰਸਤੇ ਵਿਚ ਉਨ੍ਹਾਂ ਨੂੰ ਵੀ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ। ਇਸ ਦੌਰਾਨ ਅਜੇ ਮਾਕਨ, ਪੀ ਚਿੰਦਬਰਮ, ਸਚਿਨ ਪਾਇਲਟ, ਹਰੀਸ਼ ਰਾਵਤ ਆਦਿ ਦਿੱਗਜ਼ ਆਗੂਆਂ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।