ਕੇਸ ਬੰਦ ਕਰਵਾਉਣ ਲਈ ਮੁਹਾਲੀ ਅਦਾਲਤ ‘ਚ ਅਰਜ਼ੀ ਦਾਖਲ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵਿਰੁੱਧ ਮੁਹਾਲੀ ਅਦਾਲਤ ਵਿੱਚ ਚੱਲ ਰਹੇ ਭ੍ਰਿਸ਼ਟਾਚਾਰ ਦੇ ਕੇਸ ਨੂੰ ਵਾਪਸ ਲੈਣ ਲਈ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੁਨੀਤ ਮੋਹਨ ਸ਼ਰਮਾ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਵਿਰੁੱਧ ਦਰਜ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲੇ ਦੇ ਕੇਸ ਨੂੰ ਬੰਦ ਕਰਨ ਦੀ ਵਿਜੀਲੈਂਸ ਦੀ ਇਸ ਕਾਰਵਾਈ ਨੂੰ ਬਾਦਲਾਂ ਅਤੇ ਕੈਪਟਨ ਵਿਚਕਾਰ ਸਿਆਸੀ ਦੋਸਤਾਨਾ ਮੈਚ ਵਜੋਂ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੇਲੇ ਵਿਜੀਲੈਂਸ ਬਿਊਰੋ ਰਾਹੀਂ ਜਥੇਦਾਰ ਤੋਤਾ ਸਿੰਘ ਸਮੇਤ ਸਿੱਖਿਆ ਬੋਰਡ ਦੇ ਕਈ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਤੋਤਾ ਸਿੰਘ ‘ਤੇ ਅਕਾਲੀ-ਭਾਜਪਾ ਸਰਕਾਰ ਵੇਲੇ ਸਿੱਖਿਆ ਮੰਤਰੀ ਹੁੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਕਥਿਤ ਭ੍ਰਿਸ਼ਟ ਤਰੀਕੇ ਰਾਹੀਂ 134 ਕਲਰਕ ਅਤੇ ਹੈਲਪਰ ਭਰਤੀ ਕਰਨ ਦਾ ਦੋਸ਼ ਹੈ। ਹਾਲਾਂਕਿ ਇਸ ਮਾਮਲੇ ਵਿਚ ਤੋਤਾ ਸਿੰਘ ਅਤੇ ਸਕੂਲ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਦੋਸ਼ ਆਇਦ ਹੋ ਚੁੱਕੇ ਹਨ ਪਰ ਹੁਣ ਵਿਜੀਲੈਂਸ ਨੇ ਸਰਕਾਰੀ ਵਕੀਲ ਰਾਹੀਂ ਸੀਆਰਪੀਸੀ ਦੀ ਧਾਰਾ 321 ਤਹਿਤ ਅਕਾਲੀ ਆਗੂ ਖ਼ਿਲਾਫ਼ ਕੇਸ ਵਾਪਸ ਲੈਣ ਦੀ ਅਰਜ਼ੀ ਦਾਇਰ ਕਰ ਦਿੱਤੀ ਹੈ। ਉਧਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਖੇਤੀ ਮੰਤਰੀ ਖ਼ਿਲਾਫ਼ ਕੇਸ ਵਾਪਸ ਲੈਣ ਨੂੰ ਹਰੀ ਝੰਡੀ ਦੇ ਦਿੱਤੀ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …