26 ਜਨਵਰੀ ਨੂੰ ਲਾਲ ਕਿਲੇ ’ਤੇ ਹੋਈ ਹਿੰਸਾ ’ਚ ਭੁੱਲਰ ਨੇ ਵੀ ਕੀਤੀ ਸੀ ਸ਼ਮੂਲੀਅਤ, ਵੀਡੀਓ ਆਇਆ ਸਾਹਮਣੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਇਕ ਵੱਡੇ ਵਿਵਾਦ ਵਿਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਲੰਘੇ ਸਾਲ 26 ਜਨਵਰੀ ਨੂੰ ਕਿਸਾਨੀ ਅੰਦੋਲਨ ਦੇ ਚਲਦਿਆਂ ਲਾਲ ਕਿਲੇ ’ਤੇ ਹੋਈ ਹਿੰਸਾ ਵਿਚ ਲਾਲਜੀਤ ਸਿੰਘ ਭੁੱਲਰ ਨੇ ਵੀ ਸ਼ਮੂਲੀਅਤ ਕੀਤੀ ਸੀ, ਜਿਸ ਦਾ ਇਕ ਵੀਡੀਓ ਕਲਿੱਪ ਸਾਹਮਣੇ ਆਇਆ ਹੈ। ਇਹ ਵੀ ਵੀਡੀਓ ਕਲਿੱਪ ਕਿਸਾਨ ਅੰਦੋਲਨ ਵਿਚ ਸ਼ਾਮਲ ਦੀਪ ਸਿੱਧੂ ਵੱਲੋਂ ਬਣਾਈ ਗਈ ਸੀ। ਇਸ ਦਿਨ ਕਿਸਾਨ ਅੰਦੋਲਨ ਵਿਚ ਸ਼ਾਮਲ ਕੁੱਝ ਸ਼ਰਾਰਤੀ ਅਨਸਰਾਂ ਨੇ ਲਾਲ ਕਿਲੇ ’ਤੇ ਤਿਰੰਗੇ ਦੀ ਜਗ੍ਹਾ ਕੇਸਰੀ ਝੰਡਾ ਝੁਲਾ ਦਿੱਤਾ ਸੀ। ਜਿਸ ਤੋਂ ਬਾਅਦ ਦੀਪ ਸਿੱਧੂ ਸਮੇਤ ਕਈ ਨੌਜਵਾਨਾਂ ਦੇ ਖਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਹ ਵੀਡੀਓ ਟਵੀਟ ਕਰਕੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ। ਜਦਕਿ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਇਸ ਪੂਰੇ ਮਾਮਲੇ ਨੂੰ ਲੈ ਕੇ ਫ਼ਿਲਹਾਲ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ।