ਸਾਢੇ ਪੰਜ ਮਹੀਨਿਆਂ ਬਾਅਦ ਪਟਿਆਲਾ ਦੀ ਜੇਲ੍ਹ ‘ਚੋਂ ਬਾਹਰ ਆਏ ਮਜੀਠੀਆ
ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗਜ਼ ਮਾਮਲੇ ਵਿਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਹ ਸਾਢੇ ਪੰਜ ਮਹੀਨਿਆਂ ਤੋਂ ਬਾਅਦ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਬਾਹਰ ਆ ਗਏ ਹਨ। ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਮਾਮਲੇ ਵਿਚ ਮਜੀਠੀਆ ਨੂੰ ਹਾਈਕੋਰਟ ਨੇ ਇਹ ਰਾਹਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ‘ਚ ਬੰਦ ਸਨ। ਹਾਈਕੋਰਟ ਵਿਚ ਮਜੀਠੀਆ ਦੇ ਵਕੀਲਾਂ ਨੇ ਉਨ੍ਹਾਂ ‘ਤੇ ਦਰਜ ਕੇਸ ਨੂੰ ਰਾਜਨੀਤਕ ਬਦਲਾਖੋਰੀ ਕਰਾਰ ਦਿੱਤਾ। ਮਜੀਠੀਆ ਦੇ ਖਿਲਾਫ ਪੰਜਾਬ ‘ਚ ਕਾਂਗਰਸ ਪਾਰਟੀ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਡਰੱਗ ਮਾਮਲੇ ‘ਚ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ 24 ਫਰਵਰੀ ਤੋਂ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਬਿਕਰਮ ਮਜੀਠੀਆ ਕੇਸ ਖਾਰਜ ਕਰਾਉਣ ਲਈ ਸੁਪਰੀਮ ਕੋਰਟ ਵੀ ਪਹੁੰਚੇ ਸਨ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈਕੋਰਟ ਜਾਣ ਲਈ ਕਿਹਾ ਸੀ। ਮਜੀਠੀਆ ਦੀ ਰੈਗੂਲਰ ਬੇਲ ‘ਤੇ ਸੁਣਵਾਈ ਲਈ ਹਾਈਕੋਰਟ ਦੇ ਚੀਫ ਜਸਟਿਸ ਨੇ ਪਹਿਲਾਂ ਜਸਟਿਸ ਏਜੀ ਮਸੀਹ ਅਤੇ ਜਸਟਿਸ ਸੰਦੀਪ ਮੌਦਗਿੱਲ ਦੀ ਬੈਂਚ ਬਣਾਈ ਸੀ। ਇਨ੍ਹਾਂ ਵਿਚੋਂ ਜਸਟਿਸ ਮਸੀਹ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਅਨੂਪ ਚਿਤਕਾਰਾ ਦੀ ਬੈਚ ਨੂੰ ਇਹ ਕੇਸ ਭੇਜਿਆ ਗਿਆ, ਹਾਲਾਂਕਿ ਜਸਟਿਸ ਅਨੂਪ ਚਿਤਕਾਰਾ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਜਸਟਿਸ ਰਾਮਚੰਦਰ ਰਾਓ ਅਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਸੁਣਵਾਈ ਕਰਦਿਆਂ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਡਿਵੀਜ਼ਨ ਬੈਂਚ ਨੇ ਕਿਹਾ ਕਿ ਐੱਫਆਈਆਰ ਨੂੰ ਅੱਠ ਮਹੀਨੇ ਹੋ ਗਏ ਹਨ ਅਤੇ ਰਾਜ ਸਰਕਾਰ ਹਾਲੇ ਵੀ ਭਾਰਤ ਅਤੇ ਵਿਦੇਸ਼ਾਂ ਵਿਚ ਵੱਖ-ਵੱਖ ਵਿੱਤੀ ਸੰਸਥਾਵਾਂ ਤੋਂ ਜਾਣਕਾਰੀ ਇਕੱਤਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨਰ ਵੱਲੋਂ ਆਤਮ ਸਮਰਪਣ ਕਰਨ ਮਗਰੋਂ ਪੰਜਾਬ ਪੁਲਿਸ ਨੇ ਉਸ ਦੇ ਰਿਮਾਂਡ ਦੀ ਮੰਗ ਵੀ ਨਹੀਂ ਕੀਤੀ। ਦੱਸਣਯੋਗ ਹੈ ਕਿ ਡਰੱਗ ਰੈਕੇਟ ਦੀ 2018 ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਹੀ ਪੰਜਾਬ ਪੁਲਿਸ ਨੇ ਮਜੀਠੀਆ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਅਕਾਲੀ ਵਰਕਰਾਂ ਵੱਲੋਂ ਮਜੀਠੀਆ ਦਾ ਨਿੱਘਾ ਸਵਾਗਤ
ਪਟਿਆਲਾ : ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਜਿਵੇਂ ਹੀ ਨਸ਼ਰ ਹੋਈ ਤਾਂ ਪਾਰਟੀ ਵਰਕਰ ਪਟਿਆਲਾ ਜੇਲ੍ਹ ਦੇ ਬਾਹਰ ਪੁੱਜ ਗਏ ਸਨ। ਅਕਾਲੀ ਵਰਕਰਾਂ ਨੇ ਮਜੀਠੀਆ ਦੇ ਬੁੱਧਵਾਰ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸਮਰਥਕਾਂ ਨੇ ਮਜੀਠੀਆ ‘ਤੇ ਫੁੱਲਾਂ ਦੀ ਵਰਖਾ ਵੀ ਕੀਤੀ ਅਤੇ ਉਨ੍ਹਾਂ ਜੇਲ੍ਹ ਦੇ ਗੇਟ ‘ਤੇ ਕੇਕ ਵੀ ਕੱਟਿਆ। ਇਸ ਵੇਲੇ ਸਮਰਥਕਾਂ ਵੱਲੋਂ ਲਿਆਂਦੇ ਗਏ ਗੁਲਦਸਤੇ ਵੀ ਮਜੀਠੀਆ ਨੇ ਕਬੂਲ ਕੀਤੇ। ਜ਼ਮਾਨਤ ਮਿਲਣ ਦੀ ਖ਼ਬਰ ਮਿਲਦੇ ਸਾਰ ਹੀ ਹਲਕਾ ਮਜੀਠਾ ਤੋਂ ਵਿਧਾਇਕ ਅਤੇ ਮਜੀਠੀਆ ਦੀ ਧਰਮਪਤਨੀ ਗਨੀਵ ਕੌਰ ਨੇ ਟਵੀਟ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੇ ਭਰਾ ਦੀ ਰਿਹਾਈ ਬਾਰੇ ਕਿਹਾ ਕਿ ਵਾਹਿਗੁਰੂ ਨੇ ਉਨ੍ਹਾਂ ਦੀ ਸੁਣ ਲਈ ਹੈ।