ਤਰਨਤਾਰਨ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਵਲੋਂ ਹਲਕਾ ਖੇਮਕਰਨ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ ਗਈ।
ਇਸ ਮੌਕੇ ਸੂਬਾ ਪ੍ਰਧਾਨ ਨੇ ਪਾਰਟੀ ਵਰਕਰਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ ਲਈ ਜਾਨਾਂ ਤਕ ਕੁਰਬਾਨ ਕਰਨ ਲਈ ਤਿਆਰ ਰਹਿਣ ਦੀ ਅਪੀਲ ਕੀਤੀ।
ਇਸ ਮੌਕੇ ਪਾਰਟੀ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਸਮਾਗਮ ਕੀਤਾ ਗਿਆ ਜਿਸ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਇਹ ਪੰਜ ਰੋਜ਼ਾ ਯਾਤਰਾ 14 ਅਗਸਤ ਤੱਕ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਅੰਦਰ ਜਾਵੇਗੀ ਤੇ 2000 ਕਿਲੋਮੀਟਰ ਤੱਕ ਦਾ ਰਸਤਾ ਤੈਅ ਕਰਕੇ ਵਰਕਰਾਂ ਨੂੰ ਪਾਰਟੀ ਵਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਕੀਤੀਆਂ ਕੁਰਬਾਨੀਆਂ ਦੀ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਭਾਜਪਾ ਵਲੋਂ ਦੇਸ਼ ਅੰਦਰ ਫੈਲਾਈ ਜਾ ਰਹੀ ਫਿਰਕਾਪ੍ਰਸਤੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ਨੂੰ ਦੇਸ਼ ਭਗਤੀ ਦੀ ਭਾਵਨਾ ਕਾਂਗਰਸ ਪਾਰਟੀ ਵਲੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕੀਤੀਆਂ ਕੁਰਬਾਨੀਆਂ ਤੋਂ ਸਿੱਖਣੀ ਚਾਹੀਦੀ ਹੈ। ਉਨ੍ਹਾਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੀ ਸ਼ਹਿ ‘ਤੇ ਕਾਂਗਰਸ ਪਾਰਟੀ ਦੇ ਵਰਕਰਾਂ ਖਿਲਾਫ਼ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂਨੂੰ ਵੀ ਬਾਜ਼ ਆਉਣ ਦੀ ਨਸੀਹਤ ਦਿੱਤੀ।