Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਚ ਬਦਲਾਅ ਲਈ ਸੁਰਾਂ ਤਿੱਖੀਆਂ ਹੋਈਆਂ

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਚ ਬਦਲਾਅ ਲਈ ਸੁਰਾਂ ਤਿੱਖੀਆਂ ਹੋਈਆਂ

ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਅੰਮ੍ਰਿਤਸਰ ‘ਚ ਮੀਟਿੰਗ; ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਦਾਅਵਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਲ 2017 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਹਾਰ ਤੋਂ ਬਾਅਦ ਲਗਾਤਾਰ ਹੋ ਰਹੀਆਂ ਹਾਰਾਂ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਵਿੱਚ ਲੀਡਰਸ਼ਿਪ ਬਦਲਾਅ ਸਬੰਧੀ ਸੁਰਾਂ ਤਿੱਖੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ।
ਇਨ੍ਹਾਂ ਸੁਰਾਂ ਨੂੰ ਦਬਾਉਣ ਲਈ ਭਾਵੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਭੰਗ ਕੀਤੇ ਢਾਂਚੇ ਦੌਰਾਨ ਹੀ ਇਕ ਅਨੁਸ਼ਾਸਨੀ ਕਮੇਟੀ ਬਣਾ ਦਿੱਤੀ ਗਈ ਹੈ ਪਰ ਇਹ ਸੁਰਾਂ ਭਵਿੱਖ ਵਿਚ ਹੋਰ ਤਿੱਖੀਆਂ ਹੋਣ ਦੀ ਸੰਭਾਵਨਾ ਹੈ।
ਮੋਰਚਾ ਗੁਰੂ ਕੇ ਬਾਗ ਦੀ ਸ਼ਤਾਬਦੀ ਸਮੇਂ ਅੰਮ੍ਰਿਤਸਰ ‘ਚ ਇਕੱਠੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਮੁੱਦੇ ਨੂੰ ਲੈ ਕੇ ਇੱਥੇ ਇਕ ਮੀਟਿੰਗ ਕੀਤੀ ਹੈ। ਇਹ ਮੀਟਿੰਗ ਰਵੀਕਰਨ ਸਿੰਘ ਕਾਹਲੋਂ ਦੇ ਘਰ ਵਿਚ ਕੀਤੀ ਗਈ।
ਰਵੀਕਰਨ ਸਿੰਘ ਕਾਹਲੋਂ ਸਾਬਕਾ ਸਪੀਕਰ ਮਰਹੂਮ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਆਗੂ ਮਨਪ੍ਰੀਤ ਸਿੰਘ ਇਆਲੀ ਸਣੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਜਗਮੀਤ ਸਿੰਘ ਬਰਾੜ, ਭਾਈ ਮਨਜੀਤ ਸਿੰਘ, ਅਮਰਪਾਲ ਸਿੰਘ ਬੋਨੀ, ਕਰਨੈਲ ਸਿੰਘ ਪੰਜੋਲੀ ਤੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ। ਭਾਵੇਂ ਇਸ ਮੀਟਿੰਗ ਵਿੱਚ ਪਾਰਟੀ ਦੀ ਲੀਡਰਸ਼ਿਪ ਵਿੱਚ ਬਦਲਾਅ ਬਾਰੇ ਵੀ ਵਿਚਾਰ ਚਰਚਾ ਹੋਈ ਹੈ ਪਰ ਮੀਟਿੰਗ ਵਿੱਚ ਸ਼ਾਮਲ ਆਗੂਆਂ ਦਾ ਕਹਿਣਾ ਕਿ ਉਨ੍ਹਾਂ ਇਸ ਮੀਟਿੰਗ ਦੌਰਾਨ ਅਕਾਲੀ ਦਲ ਨੂੰ ਮਜ਼ਬੂਤ ਕਰਨ, ਪੰਥ ਦੀ ਚੜ੍ਹਦੀ ਕਲਾ ਆਦਿ ਲਈ ਸਲਾਹ ਮਸ਼ਵਰਾ ਕੀਤਾ ਹੈ। ਇਸ ਮਾਮਲੇ ਵਿੱਚ ਸਾਰੇ ਅਕਾਲੀ ਆਗੂਆਂ ਦੀ ਰਾਏ ਹੈ ਕਿ ਉਹ ਇਕੱਠੇ ਹੋ ਕੇ ਸੁਖਬੀਰ ਸਿੰਘ ਬਾਦਲ ਨੂੰ ਮਿਲਣਗੇ ਅਤੇ ਉਨ੍ਹਾਂ ਨਾਲ ਅਕਾਲੀ ਦਲ ਦੇ ਮੌਜੂਦਾ ਹਾਲਾਤ ‘ਤੇ ਵਿਚਾਰ ਚਰਚਾ ਕਰਨਗੇ। ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਮੂਹ ਅਕਾਲੀ ਆਗੂਆਂ ਨੇ ਆਖਿਆ ਕਿ ਉਹ ਪਾਰਟੀ ਦੀ ਮਜ਼ਬੂਤੀ ਚਾਹੁੰਦੇ ਹਨ ਅਤੇ ਇਸ ਸਬੰਧ ਵਿਚ ਉਹ ਜਲਦੀ ਹੀ ਸੁਖਬੀਰ ਸਿੰਘ ਬਾਦਲ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਪੈਰਾਂ-ਸਿਰ ਕਰਨਾ ਅਤੇ ਮਜ਼ਬੂਤ ਕਰਨਾ ਸਮੂਹ ਆਗੂਆਂ ਦੀ ਵੱਡੀ ਤਰਜੀਹ ਹੈ। ਇਸ ਮੀਟਿੰਗ ਦੌਰਾਨ ਸਮੂਹ ਆਗੂਆਂ ਦਾ ਵਿਚਾਰ ਸੀ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੋਕਾਂ ਦੀਆਂ ਭਾਵਨਾਵਾਂ ਮੁਤਾਬਕ ਪਾਰਟੀ ਨੂੰ ਬਚਾਉਣ ਲਈ ਤਿਆਗ ਦੀ ਭਾਵਨਾ ਦਿਖਾਉਣੀ ਚਾਹੀਦੀ ਹੈ।

ਅਕਾਲੀ ਦਲਾਂ ਦੇ ਰਲੇਵੇਂ ਸਬੰਧੀ ਕਾਹਲੀ ਨਹੀਂ ਕਰਨਾ ਚਾਹੁੰਦੇ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ : ਸੌ ਸਾਲ ਪਹਿਲਾਂ ਸਥਾਪਤ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਬਚਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਵੇਂ ਰੋਜ਼ਾਨਾ ਆਖਿਆ ਜਾ ਰਿਹਾ ਹੈ, ਪਰ ਇਸ ਸਬੰਧ ਵਿੱਚ ਸਮੂਹ ਅਕਾਲੀ ਦਲਾਂ ਦੇ ਆਪਸੀ ਰਲੇਵੇਂ ਦੇ ਮਾਮਲੇ ਦੇ ਸਬੰਧ ‘ਚ ਉਹ ਕੋਈ ਕਾਹਲੀ ਕਰਨ ਦੇ ਰੌਂਅ ‘ਚ ਨਹੀਂ ਹਨ।
ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਬਣੇ ਵੱਖ-ਵੱਖ ਅਕਾਲੀ ਦਲਾਂ ਵਿੱਚ ਇਸ ਵੇਲੇ ਚਰਚਾ ਚੱਲ ਰਹੀ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੰਦੇ ਹਨ ਤਾਂ ਬਾਕੀ ਅਕਾਲੀ ਦਲ ਵੀ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਇੱਕ ਮੰਚ ‘ਤੇ ਇਕੱਠੇ ਹੋ ਸਕਦੇ ਹਨ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਕੁਝ ਸਮਾਂ ਪਹਿਲਾਂ ਸਮੂਹ ਅਕਾਲੀ ਦਲਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਦੀ ਅਪੀਲ ਨੂੰ ਆਧਾਰ ਬਣਾ ਕੇ ਕਈ ਅਕਾਲੀ ਦਲਾਂ ਵੱਲੋਂ ਇਸ ਸਬੰਧੀ ਆਪਸ ਵਿੱਚ ਵਿਚਾਰ-ਚਰਚਾ ਵੀ ਕੀਤੀ ਗਈ ਹੈ ਅਤੇ ਇਸ ਸਬੰਧੀ ਮੀਟਿੰਗਾਂ ਵੀ ਹੋਈਆਂ ਹਨ।
ਇਸ ਮਾਮਲੇ ਬਾਰੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਹੁਣ ਬਾਗ਼ੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂ ਵੀ ਇਹੀ ਚਾਹੁੰਦੇ ਹਨ ਕਿ ਇੱਕ ਮਜ਼ਬੂਤ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਹੋਵੇ, ਪਰ ਇਸ ਮਾਮਲੇ ਵਿੱਚ ਫਿਲਹਾਲ ਬਾਦਲ ਪਰਿਵਾਰ ਦੀ ‘ਮੈਂ ਨਾ ਮਾਨੂੰ’ ਵਾਲੀ ਭਾਵਨਾ ਅੜਿੱਕਾ ਬਣੀ ਹੋਈ ਹੈ।
ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲਾਂ ਦੇ ਆਪਸੀ ਰਲੇਵੇਂ ਦੇ ਮਾਮਲੇ ਵਿੱਚ ਕੋਈ ਵੀ ਕਾਹਲਕਦਮੀ ਕਰਨ ਦੇ ਰੌਂਅ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇ ਸਮੂਹ ਅਕਾਲੀ ਦਲ ਆਪਸੀ ਰਲੇਵਾਂ ਚਾਹੁੰਦੇ ਹਨ ਤਾਂ ਉਹ ਇਸ ਸਬੰਧੀ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਲਿਖਤੀ ਰੂਪ ‘ਚ ਦਰਖਾਸਤ ਦੇਣ।

ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਸ਼ਲਾਘਾਯੋਗ: ਪਰਮਿੰਦਰ ਢੀਂਡਸਾ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਝੂੰਦਾ ਕਮੇਟੀ ਦੀਆਂ ਸਿਫ਼ਾਰਸ਼ਾਂ ਮੁਕੰਮਲ ਤੌਰ ‘ਤੇ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਅਕਾਲੀ ਲੀਡਰਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਝੂੰਦਾ ਕਮੇਟੀ ਦੀ ਰਿਪੋਰਟ ਮੁਤਾਬਕ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਹੋਈ ਨਮੋਸ਼ੀਜਨਕ ਹਾਰ ਲਈ ਸਿੱਧੇ ਤੌਰ ‘ਤੇ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸੇ ਕਾਰਨ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰਨ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਨੂੰ ਵੀ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀਆਂ ਬਾਗ਼ੀ ਸੁਰਾਂ ਉੱਠ ਰਹੀਆਂ ਹਨ। ਢੀਂਡਸਾ ਨੇ ਕਿਹਾ ਕਿ ਕੁਝ ਸੀਨੀਅਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਕੇ ਹਿੰਮਤ ਭਰਿਆ ਕੰਮ ਕੀਤਾ ਹੈ। ਢੀਂਡਸਾ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸੁਖਬੀਰ ਬਾਦਲ ਕੋਲ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਆਪਣੇ ਚਹੇਤਿਆਂ ਦੀ ਅਨੁਸ਼ਾਸਨੀ ਕਮੇਟੀ ਬਣਾ ਕੇ ਪੰਥ ਅਤੇ ਪੰਜਾਬ ਵਿਰੋਧੀ ਨੀਤੀਆਂ ਖਿਲਾਫ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …