ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ਦੋਹਾਂ ਮੁਲਕਾਂ ਦੀਆਂ ਸਰਕਾਰਾਂ ਸ਼ੋਕ ਮਤੇ ਕਰਨ ਪਾਸ
ਅੰਮਿ੍ਰਤਸਰ/ਬਿਊਰੋ ਨਿਊਜ਼
ਹਿੰਦੋਸਤਾਨ ਦੀ ਵੰਡ ਵੇਲੇ ਸਰਹੱਦ ਦੇ ਦੋਵੇਂ ਪਾਸੇ ਜਾਨ ਗੁਆਉਣ ਵਾਲੇ ਵੱਖ-ਵੱਖ ਧਰਮਾਂ ਨਾਲ ਸੰਬੰਧਿਤ 10 ਲੱਖ ਪੰਜਾਬੀਆਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਰਤਸਰ ਵਿਖੇ ਸਮੂਹਿਕ ਅਰਦਾਸ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਕੀਰਤਨ ਸਮਾਗਮ ਵੀ ਹੋਇਆ। ਇਸੇ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੰਡ ਵੇਲੇ ਜਾਨ ਗੁਆਉਣ ਵਾਲੇ ਵਿਅਕਤੀਆਂ ਦੀ ਯਾਦ ਵਿਚ ਦੋਹਾਂ ਮੁਲਕਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਆਪਣੀ-ਆਪਣੀ ਸੰਸਦ ਵਿਚ ਸ਼ੋਕ ਮਤੇ ਪਾਸ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵੰਡ ਵੇਲੇ ਉੱਜੜੇ ਲੋਕਾਂ ਨੂੰ ਆਪਣੀ ਜਨਮ ਭੋਇੰ ਦੇਖਣ ਲਈ ਵੀ ਸਰਕਾਰਾਂ ਨੂੰ ਇਜਾਜ਼ਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਭਾਰਤੀ ਪਾਕਿਸਤਾਨ ਵਿਚ ਯਾਤਰਾ ਦੌਰਾਨ ਜਾਂਦੇ ਹਨ ਤੇ ਉਹ ਚਾਹੁੰਦੇ ਹਨ ਕਿ ਆਪਣੇ ਪੁਰਖਿਆਂ ਦੇ ਪਿੰਡ ਅਤੇ ਉਨ੍ਹਾਂ ਨਾਲ ਜੁੜੀਆਂ ਯਾਦਾਂ ਨੂੰ ਜਾ ਕੇ ਦੇਖਣ, ਪਰ ਸਰਕਾਰਾਂ ਇਸ ’ਤੇ ਪਾਬੰਦੀ ਲਗਾ ਦਿੰਦੀਆਂ ਹਨ। ਜਥੇਦਾਰ ਹੋਰਾਂ ਨੇ ਕਿਹਾ ਕਿ ਭਾਰਤ-ਪਾਕਿ ਵੰਡ ਸਮੇਂ 10 ਲੱਖ ਪੰਜਾਬੀਆਂ ਦੀ ਜਾਨ ਗਈ ਸੀ ਅਤੇ ਇਨ੍ਹਾਂ ਨਿਰਦੋਸ਼ ਪੰਜਾਬੀਆਂ ਵਿਚ ਹਿੰਦੂ, ਸਿੱਖ ਅਤੇ ਮੁਸਲਮਾਨ ਸਭ ਧਰਮਾਂ ਦੇ ਵਿਅਕਤੀ ਸ਼ਾਮਲ ਸਨ। ਸਮੂਹਿਕ ਅਰਦਾਸ ਸਮਾਗਮ ਵਿਚ ਸਿੱਖ ਭਾਈਚਾਰੇ ਤੋਂ ਇਲਾਵਾ ਹਿੰਦੂ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਵੀ ਸ਼ਾਮਲ ਹੋਏ। ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ੋ੍ਰਮਣੀ ਕਮੇਟੀ ਮੈਂਬਰ, ਅਧਿਕਾਰੀ ਤੇ ਸੰਗਤਾਂ ਹਾਜ਼ਰ ਸਨ।
Home / ਪੰਜਾਬ / ਹਿੰਦੋਸਤਾਨ ਦੀ ਵੰਡ ਵੇਲੇ ਜਾਨ ਗੁਆਉਣ ਵਾਲੇ 10 ਲੱਖ ਪੰਜਾਬੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤਾ ਗਿਆ ਯਾਦ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …