ਗੁਲਾਮ ਨਬੀ ਅਜ਼ਾਦ ਨੇ ਚੋਣ ਕਮੇਟੀ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੁਲਾਮ ਨਬੀ ਅਜ਼ਾਦ ਨੇ ਸੂਬੇ ਦੀ ਚੋਣ ਕੰਪੇਨ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ। ਅਜ਼ਾਦ ਨੇ ਪ੍ਰਧਾਨ ਬਣਾਏ ਜਾਣ ਦੇ 2 ਘੰਟਿਆਂ ਮਗਰੋਂ ਹੀ ਇਸ ਅਹੁਦੇ ਅਸਤੀਫ਼ਾ ਦੇ ਦਿੱਤਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਲਾਮ ਨਬੀ ਅਜ਼ਾਦੀ ਦੀ ਨਰਾਜ਼ਗੀ ਇਸ ਗੱਲ ਨੂੰ ਲੈ ਕੇ ਦੱਸੀ ਜਾ ਰਹੀ ਹੈ ਕਿ ਉਨ੍ਹਾਂ ਦੀਆਂ ਸਿਫ਼ਾਰਸ਼ਾਂ ਨੂੰ ਕਾਂਗਰਸ ਪਾਰਟੀ ਵੱਲੋਂ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ, ਜਿਸਦੇ ਚਲਦਿਆਂ ਉਨ੍ਹਾਂ ਨਵੀਂ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ। ਜਦਕਿ ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਗੁਲਾਮ ਨਬੀ ਅਜ਼ਾਦ ਨੇ ਖਰਾਬ ਸਿਹਤ ਦੇ ਚਲਦਿਆਂ ਕੰਪੇਨ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਇਨਕਾਰ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਜ਼ਾਦ ਵੱਲੋਂ ਇਸ ਸਬੰਧੀ ਜਾਣਕਾਰੀ ਪਾਰਟੀ ਹਾਈ ਕਮਾਂਡ ਨੂੰ ਵੀ ਦੇ ਦਿੱਤੀ ਹੈ। ਅਜ਼ਾਦ ਨੇ ਨਵੀਂ ਜ਼ਿੰਮੇਵਾਰੀ ਦੇਣ ਲਈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ।