ਪੁਲਿਸ ਖਿਲਾਫ਼ ਇਤਰਾਜ਼ਯੋਗ ਟਿੱਪਣੀ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਨੇ ਕਰਵਾਇਆ ਸੀ ਮਾਮਲਾ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਿੱਧੂ ਖਿਲਾਫ਼ ਦਰਜ ਮਾਨਹਾਨੀ ਦੇ ਕੇਸ ਨੂੰ ਚੰਡੀਗੜ੍ਹ ਕੋਰਟ ਨੇ ਖਾਰਜ ਕਰ ਦਿੱਤਾ ਹੈ। ਇਹ ਮਾਮਲਾ ਉਨ੍ਹਾਂ ਖਿਲਾਫ਼ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਦਰਜ ਕਰਵਾਇਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਚੋਣ ਪ੍ਰਚਾਰ ਲਈ ਸੁਲਤਾਨਪੁਰ ਲੋਧੀ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਕਾਂਗਰਸੀ ਆਗੂ ਨਵਤੇਜ ਚੀਮਾ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਪੁਲਿਸ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਉਨ੍ਹਾਂ ਚੀਮਾ ਦੇ ਹੱਕ ਵਿਚ ਬੋਲਦੇ ਹੋਏ ਕਿਹਾ ਸੀ ਕਿ ਜੇਕਰ ਨਵਤੇਜ਼ ਚੀਮਾ ਇਕ ਦਬਕਾ ਮਾਰ ਦੇਣ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਸਿੱਧੂ ਦੀ ਇਸ ਟਿੱਪਣੀ ’ਤੇ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਇਤਰਾਜ਼ ਪ੍ਰਗਟ ਕਰਦੇ ਹੋਏ। ਉਨ੍ਹਾਂ ਖਿਲਾਫ਼ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਸੀ। ਨਵਜੋਤ ਸਿੰਘ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹਨ, ਜਿੱਥੇ ਉਹ ਰੋਡਰੇਜ਼ ਦੇ ਮਾਮਲੇ ’ਚ 1 ਸਾਲ ਦੀ ਸਜ਼ਾ ਕੱਟ ਰਹੇ ਹਨ।