ਚੇਅਰਪਰਸਨ ਨੇ 7 ਦਿਨਾਂ ਵਿਚ ਕੀਤੀ ਜਵਾਬਤਲਬੀ
ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਵਿਚ ਪੈਂਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਹੋਏ ਦੋ ਵਿਆਹਾਂ ਦੇ ਮਾਮਲੇ ਵਿਚ ਪੰਜਾਬ ਮਹਿਲਾ ਕਮਿਸ਼ਨ ਨੇ ਵੀ ਦਖਲ ਦੇ ਦਿੱਤਾ ਹੈ। ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸਥਾਨਕ ਪ੍ਰਸ਼ਾਸਨ ਕੋਲੋਂ ਇਸਦੀ ਰਿਪੋਰਟ ਤਲਬ ਕਰ ਲਈ ਹੈ ਅਤੇ ਇਸ ਲਈ 7 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜੇਕਰ ਵਿਧਾਇਕ ਪਠਾਣਮਾਜਰਾ ‘ਤੇ ਅਜਿਹੇ ਆਰੋਪ ਲੱਗ ਰਹੇ ਹਨ ਤਾਂ ਇਹ ਗੰਭੀਰ ਮਾਮਲਾ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਕਿਹਾ ਕਿ ਪਠਾਣਮਾਜਰਾ ਸਮਾਜ ਦੇ ਪ੍ਰਤੀਨਿਧੀ ਹਨ ਤਾਂ ਉਨ੍ਹਾਂ ਦੀ ਇਸ ਮਾਮਲੇ ‘ਚ ਜਵਾਬਦੇਹੀ ਬਣਦੀ ਹੈ ਅਤੇ ਇਸ ਕਰਕੇ ਹੀ ਇਸਦਾ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਹੀ ਪ੍ਰਸ਼ਾਸਨ ਨੂੰ ਦੋਵਾਂ ਪੱਖਾਂ ਦੀ ਗੱਲ ਸੁਣ ਕੇ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ‘ਤੇ ਇਕ ਮਹਿਲਾ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਉਸ ਨਾਲ ਧੋਖੇ ਨਾਲ ਦੂਜਾ ਵਿਆਹ ਕਰਵਾਉਣ ਦਾ ਆਰੋਪ ਲਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਹੈ।