ਬਿਲਕੀਸ ਬਾਨੋ ਕੇਸ ‘ਚ ਗੁਜਰਾਤ ਸਰਕਾਰ ਦੇ ਫੈਸਲੇ ‘ਤੇ ਉਠਾਏ ਸੁਆਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਲਕੀਸ ਬਾਨੋ ਕੇਸ ਦੇ ਮੁਜਰਮਾਂ ਨੂੰ ਰਿਹਾਅ ਕਰਨ ਦੇ ਫੈਸਲੇ ਤੋਂ ਇਕ ਦਿਨ ਮਗਰੋਂ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਸਾਰਾ ਦੇਸ਼ ਪ੍ਰਧਾਨ ਮੰਤਰੀ ਦੀ ਕਥਨੀ ਤੇ ਕਰਨੀ ਵਿਚਲੇ ਫ਼ਰਕ ਨੂੰ ਵੇਖ ਰਿਹਾ ਹੈ। ਰਾਹੁਲ ਗਾਂਧੀ ਨੇ ਹਿੰਦੀ ਵਿੱਚ ਕੀਤੇ ਟਵੀਟ ‘ਚ ਕਿਹਾ, ”ਪੰਜ ਮਹੀਨੇ ਦੀ ਗਰਭਵਤੀ ਮਹਿਲਾ ਨਾਲ ਜਬਰ-ਜਨਾਹ ਕਰਨ ਤੇ ਉਸ ਦੀ ਤਿੰਨ ਸਾਲਾ ਧੀ ਦੀ ਹੱਤਿਆ ਕਰਨ ਵਾਲਿਆਂ ਨੂੰ ‘ਆਜ਼ਾਦੀ ਦਾ ਅਮ੍ਰਿਤ ਮਹੋਤਸਵ’ ਦੌਰਾਨ ਰਿਹਾਅ ਕੀਤਾ ਗਿਆ। ‘ਨਾਰੀ ਸ਼ਕਤੀ’ ਦੀਆਂ ਝੂਠੀਆਂ ਗੱਲਾਂ ਕਰਨ ਵਾਲੇ ਦੇਸ਼ ਦੀਆਂ ਮਹਿਲਾਵਾਂ ਨੂੰ ਕੀ ਸੁਨੇਹਾ ਦੇ ਰਹੇ ਹਨ? ਪ੍ਰਧਾਨ ਮੰਤਰੀ ਜੀ ਪੂਰਾ ਮੁਲਕ ਤੁਹਾਡੀ ਕਥਨੀ ਤੇ ਕਰਨੀ ਵਿਚਲੇ ਫ਼ਰਕ ਨੂੰ ਵੇਖ ਰਿਹਾ ਹੈ।” ਉਧਰ ਕਾਂਗਰਸ ਨੇ ਸਵਾਲ ਕੀਤਾ ਕਿ ਕੀ ਗੁਜਰਾਤ ਸਰਕਾਰ ਦੇ ਇਸ ਫੈਸਲੇ ਨੂੰ ਪ੍ਰਧਾਨ ਮੰਤਰੀ ਨੇ ਪ੍ਰਵਾਨਗੀ ਦਿੱਤੀ ਸੀ। ਵਿਰੋਧੀ ਪਾਰਟੀ ਨੇ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੇਂਦਰ ਦੀ ਸਹਿਮਤੀ ਨਹੀਂ ਲਈ ਗਈ ਤਾਂ ਪ੍ਰਧਾਨ ਮੰਤਰੀ ਗੁਜਰਾਤ ਦੇ ਮੁੱਖ ਮੰਤਰੀ ਖਿਲਾਫ਼ ਕੀ ਕਾਰਵਾਈ ਕਰਨਗੇ। ਪਾਰਟੀ ਨੇ ਦਾਅਵਾ ਕੀਤਾ ਕਿ ਗੁਜਰਾਤ ਸਰਕਾਰ ਨੇ 2002 ਗੁਜਰਾਤ ਦੰਗਿਆਂ ਕੇਸ ਵਿੱਚ ਜਬਰ-ਜਨਾਹ ਤੇ ਕਤਲ ਲਈ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਮੁਜਰਮਾਂ ਨੂੰ ਰਿਹਾਅ ਕਰਨ ਲਈ ਨੇਮਾਂ ਦੀ ਉਲੰਘਣਾ ਕੀਤੀ।
ਕੀ ਮਹਿਲਾਵਾਂ ਦਾ ਸਤਿਕਾਰ ਤਕਰੀਰਾਂ ਤੱਕ ਸੀਮਤ: ਪ੍ਰਿਅੰਕਾ
ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਗਰਭਵਤੀ ਮਹਿਲਾ ਨਾਲ ਸਮੂਹਿਕ ਜਬਰ-ਜਨਾਹ ਤੇ ਉਸ ਦੀ ਧੀ ਦੀ ਹੱਤਿਆ ਕਰਨ ਵਾਲਿਆਂ ਨੂੰ ਭਾਜਪਾ ਸਰਕਾਰ ਵੱਲੋਂ ਰਿਹਾਅ ਕੀਤੇ ਜਾਣਾ ਤੇ ਕੈਮਰੇ ਅੱਗੇ ਉਨ੍ਹਾਂ ਦਾ ਸਵਾਗਤ ਕਰਨਾ, ਕੀ ਅਨਿਆਂ ਤੇ ਅਸੰਵੇਦਨਸ਼ੀਲਤਾ ਦੀ ਸਿਖਰ ਨਹੀਂ ਹੈ। ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ, ”ਨਰਿੰਦਰ ਮੋਦੀ ਜੀ, ਮਹਿਲਾਵਾਂ ਸਵਾਲ ਪੁੱਛ ਰਹੀਆਂ ਹਨ ਕਿ ਕੀ ਉਨ੍ਹਾਂ ਲਈ ਸਤਿਕਾਰ ਮਹਿਜ਼ ਤਕਰੀਰਾਂ ਤੱਕ ਸੀਮਤ ਹੈ?”
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …