Breaking News
Home / ਭਾਰਤ / ਬਿਲਕੀਸ ਬਾਨੋ ਜਬਰ-ਜਨਾਹ ਕੇਸ ਦੇ ਸਾਰੇ 11 ਦੋਸ਼ੀ ਰਿਹਾਅ

ਬਿਲਕੀਸ ਬਾਨੋ ਜਬਰ-ਜਨਾਹ ਕੇਸ ਦੇ ਸਾਰੇ 11 ਦੋਸ਼ੀ ਰਿਹਾਅ

ਕਾਂਗਰਸ ਨੇ ਪ੍ਰਧਾਨ ਮੰਤਰੀ ਦੇ ‘ਨਾਰੀ ਸ਼ਕਤੀ’ ਬਾਰੇ ਭਾਸ਼ਣ ‘ਤੇ ਚੁੱਕੇ ਸਵਾਲ
ਗੋਧਰਾ/ਬਿਊਰੋ ਨਿਊਜ਼ : ਗੁਜਰਾਤ ਦੇ ਗੋਧਰਾ ਕਾਂਡ ਤੋਂ ਬਾਅਦ 2002 ‘ਚ ਬਿਲਕੀਸ ਬਾਨੋ ਸਮੂਹਿਕ ਜਬਰ ਜਨਾਹ ਅਤੇ ਉਸ ਦੇ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ 11 ਦੋਸ਼ੀ 15 ਅਗਸਤ ਨੂੰ ਗੋਧਰਾ ਸਬ-ਜੇਲ੍ਹ ਤੋਂ ਰਿਹਾਅ ਹੋ ਗਏ। ਗੁਜਰਾਤ ਸਰਕਾਰ ਨੇ ਆਪਣੀ ਸਜ਼ਾ ਮੁਆਫ਼ੀ ਨੀਤੀ ਤਹਿਤ ਇਨ੍ਹਾਂ ਦੀ ਰਿਹਾਈ ਨੂੰ ਮਨਜ਼ੂਰੀ ਦਿੱਤੀ ਹੈ। ਦੂਜੇ ਪਾਸੇ ਕਾਂਗਰਸ ਨੇ ਗੁਜਰਾਤ ਸਰਕਾਰ ਦੇ ਇਸ ਫ਼ੈਸਲੇ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ‘ਨਾਰੀ ਸ਼ਕਤੀ’ ਬਾਰੇ ਦਿੱਤੇ ਭਾਸ਼ਣ ਲਈ ਉਨ੍ਹਾਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਦੋਸ਼ ਲਾਇਆ ਕਿ ਇਹ ਫ਼ੈਸਲਾ ਭਾਜਪਾ ਦੀ ਮਾਨਸਿਕਤਾ ਨੂੰ ਜ਼ਾਹਿਰ ਕਰਦਾ ਹੈ। ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਦੇ ਬਿਆਨ ਦਾ ਕੋਈ ਮਤਲਬ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਨੂੰ ਇਹ ਦੱਸਣ ਕਿ ਕੀ ਉਨ੍ਹਾਂ ਨੂੰ ਆਪਣੇ ਸ਼ਬਦਾਂ ‘ਤੇ ਯਕੀਨ ਹੁੰਦਾ ਹੈ ਜਦੋਂ ਉਹ ਮਹਿਲਾਵਾਂ ਦੀ ਸੁਰੱਖਿਆ, ਇੱਜ਼ਤ ਤੇ ਸ਼ਕਤੀਕਰਨ ਦੀ ਗੱਲ ਕਰ ਰਹੇ ਹੁੰਦੇ ਹਨ। ਉਨ੍ਹਾਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ‘ਗੁਜਰਾਤ ਦੀ ਭਾਜਪਾ ਸਰਕਾਰ ਨੇ ਬਿਲਕੀਸ ਬਾਨੋ ਜਬਰ ਜਨਾਹ ਕੇਸ ਦੇ 11 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਹੈ। ਇਹ ਫ਼ੈਸਲਾ ਭਾਜਪਾ ਸਰਕਾਰ ਦੀ ਮਾਨਸਿਕਤਾ ਨੂੰ ਸਾਹਮਣੇ ਲਿਆਉਂਦਾ ਹੈ।’ ਉਨ੍ਹਾਂ ਕਠੂਆ ਤੇ ਉਨਾਓ ਕੇਸਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਇੱਕ ਕੌਮੀ ਸਿਆਸੀ ਪਾਰਟੀ ਦੇ ਅਹੁਦੇਦਾਰਾਂ ਨੇ ਜਬਰ-ਜਨਾਹ ਕਰਨ ਵਾਲਿਆਂ ਦੇ ਹੱਕ ‘ਚ ਗਲੀਆਂ ‘ਚ ਰੈਲੀ ਕੱਢੀ ਸੀ ਤਾਂ ਸਾਰਿਆਂ ਦਾ ਸਿਰ ਸ਼ਰਮ ਨਾਲ ਝੁਕ ਗਿਆ ਸੀ। ਉਨ੍ਹਾਂ ਕਿਹਾ, ‘ਬੀਤੇ ਦਿਨ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਮਹਿਲਾਵਾਂ ਦੀ ਸੁਰੱਖਿਆ, ਸ਼ਕਤੀ ਤੇ ਇੱਜ਼ਤ ਬਾਰੇ ਬਹੁਤ ਵੱਡੀਆਂ ਗੱਲਾਂ ਕੀਤੀਆਂ। ਇਸ ਤੋਂ ਕੁਝ ਘੰਟਿਆਂ ਬਾਅਦ ਗੁਜਰਾਤ ਸਰਕਾਰ ਨੇ ਜਬਰ ਜਨਾਹ ਦੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ। ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਉਹ ਦੇਸ਼ ਨੂੰ ਦੱਸਣ ਕਿ ਉਨ੍ਹਾਂ ਲਾਲ ਕਿਲੇ ਤੋਂ ਜੋ ਬੋਲਿਆ ਉਹ ਸਿਰਫ਼ ਸ਼ਬਦ ਸਨ ਜਾਂ ਉਹ (ਮੋਦੀ) ਆਪਣੇ ਸ਼ਬਦਾਂ ‘ਚ ਯਕੀਨ ਵੀ ਕਰਦੇ ਹਨ।
ਜ਼ਿਕਰਯੋਗ ਹੈ ਕਿ ਗੁਜਰਾਤ ਸਰਕਾਰ ਵੱਲੋਂ ਬੀਤੇ ਦਿਨ ਰਿਹਾਅ ਕੀਤੇ ਗਏ 11 ਦੋਸ਼ੀਆਂ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਿਲਕੀਸ ਬਾਨੋ ਨਾਲ ਸਮੂਹਿਕ ਜਬਰ ਜਨਾਹ ਤੇ ਉਸ ਦੇ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ ਦੇ ਦੋਸ਼ ਹੇਠ 21 ਜਨਵਰੀ 2008 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਬਲਕੀਸ ਦੇ ਪਤੀ ਨੇ ਰਿਹਾਈ ਬਾਰੇ ਫ਼ੈਸਲੇ’ਤੇ ਉਠਾਏ ਸਵਾਲ
ਅਹਿਮਦਾਬਾਦ : ਬਿਲਕੀਸ ਬਾਨੋ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਉਸ ਦੇ ਪਤੀ ਨੇ ਕਿਹਾ ਕਿ ਇਸ ਰਿਹਾਈ ਬਾਰੇ ਉਨ੍ਹਾਂ ਨੂੰ ਮੀਡੀਆ ਤੋਂ ਜਾਣਕਾਰੀ ਮਿਲੀ ਹੈ। ਬਿਲਕੀਸ ਬਾਨੋ ਤੇ ਪਤੀ ਯਾਕੂਬ ਰਸੂਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ‘ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਬਾਰੇ ਪਤਾ ਲੱਗਣ ‘ਤੇ ਸਾਨੂੰ ਬਹੁਤ ਹੈਰਾਨੀ ਹੋਈ ਹੈ।’ ਰਸੂਲ ਨੇ ਕਿਹਾ, ‘ਸਾਨੂੰ ਨਹੀਂ ਪਤਾ ਕਿ ਦੋਸ਼ੀਆਂ ਨੇ ਕਦੋਂ ਅਰਜ਼ੀ ਦਿੱਤੀ ਅਤੇ ਕਿਹੜੇ ਰਾਜ ਦੀ ਸਰਕਾਰ ਨੇ ਇਸ ‘ਤੇ ਵਿਚਾਰ ਕੀਤਾ ਹੈ। ਸਾਨੂੰ ਕਦੀ ਕਿਸੇ ਕਿਸਮ ਦਾ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ।’ ਉਨ੍ਹਾਂ ਕਿਹਾ ਕਿ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਤਾਂ ਦੇ ਦਿੱਤਾ ਪਰ ਅਦਾਲਤੀ ਹੁਕਮਾਂ ਅਨੁਸਾਰ ਅਜੇ ਨੌਕਰੀ ਤੇ ਘਰ ਮੁਹੱਈਆ ਨਹੀਂ ਕੀਤਾ ਗਿਆ।

 

Check Also

ਮਹਿਲਾਵਾਂ ਦੇ ਸਨਮਾਨ ਸਬੰਧੀ ਲੋਕਾਂ ਦੀ ਜ਼ਮੀਰ ਜਗਾਉਣ ਦਾ ਵੇਲਾ : ਮੁਰਮੂ

ਰਾਸ਼ਟਰਪਤੀ ਨੇ ਸਾਰਿਆਂ ਨੂੰ ਅੰਤਰਝਾਤ ਮਾਰਦਿਆਂ ਆਪਣੇ ਆਪ ਤੋਂ ਤਿੱਖੇ ਸਵਾਲ ਪੁੱਛਣ ਦਾ ਦਿੱਤਾ ਹੋਕਾ …