ਪਿਛਲੇ ਦਿਨੀਂ ਕੇਂਦਰੀ ਜੇਲ੍ਹ ਪਟਿਆਲਾ ‘ਚੋਂ ਹੋਈ ਸੀ ਰਿਹਾਈ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਬੁੱਧਵਾਰ ਸਵੇਰੇ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਮਜੀਠੀਆ ਪਹਿਲਾਂ ਚੰਡੀਗੜ੍ਹ ਅਤੇ ਹੁਣ ਅੰਮ੍ਰਿਤਸਰ ਪਹੁੰਚੇ ਹਨ।
ਇਸੇ ਦੌਰਾਨ ਵੱਖ-ਵੱਖ ਥਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਬਿਕਰਮ ਮਜੀਠੀਆ ਦਾ ਸਵਾਗਤ ਕੀਤਾ ਸੀ। ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਸਣੇ ਗੁਰੂ ਚਰਨਾਂ ਵਿਚ ਨਤਮਸਤਕ ਹੋਣ ਪਹੁੰਚੇ ਹਨ ਕਿਉਂਕਿ ਵਾਹਿਗੁਰੂ ਦੀ ਕਿਰਪਾ ਦੇ ਨਾਲ ਹੀ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਮੈਂ ਜੇਲ੍ਹ ‘ਚ ਸੀ ਤਾਂ ਉਦੋਂ ਆਪਣੀ ਮਾਤਾ ਅਤੇ ਬੱਚਿਆਂ ਦੇ ਹਾਲਾਤ ਵੇਖ ਕੇ ਦੁੱਖ ਜ਼ਰੂਰ ਹੁੰਦਾ ਸੀ, ਪਰ ਤੁਹਾਡੇ ਸਭ ਦੇ ਪਿਆਰ ਸਦਕਾ ਮੈਂ ਉਥੇ ਵੀ ਚੜ੍ਹਦੀ ਕਲਾ ਵਿਚ ਰਿਹਾ। ਮਜੀਠੀਆ ਨੇ ਕਿਹਾ ਕਿ ਅਜਿਹੀ ਸਿਆਸਤ ਦਾ ਕੋਈ ਫਾਇਦਾ ਨਹੀਂ, ਜੋ ਸਿਆਸੀ ਨਫਰਤ ਫੈਲਾਵੇ। ਉਨ੍ਹਾਂ ਕਿਹਾ ਕਿ ਸਿਆਸਤ ਸਿਰਫ ਲੋਕਾਂ ਦੇ ਭਲੇ ਲਈ ਅਤੇ ਪੰਜਾਬ ਦੇ ਭਲੇ ਦੀ ਹੋਣੀ ਚਾਹੀਦੀ ਹੈ। ਮਜੀਠੀਆ ਨੇ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਵੀ ਦਿੱਤੀ।
ਬਿਕਰਮ ਸਿੰਘ ਮਜੀਠੀਆ ਨੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਵੀ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਬਿਕਰਮ ਮਜੀਠੀਆ ਖਿਲਾਫ ਡਰੱਗ ਮਾਮਲੇ ‘ਚ ਕੇਸ ਦਰਜ ਕੀਤਾ ਸੀ ਅਤੇ ਫਿਰ ਅਦਾਲਤ ਨੇ ਮਜੀਠੀਆ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਭੇਜ ਦਿੱਤਾ ਹੈ। ਕਰੀਬ ਸਾਢੇ ਪੰਜ ਮਹੀਨੇ ਜੇਲ੍ਹ ਵਿਚ ਰਹਿਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਸੀ।