1.3 C
Toronto
Tuesday, November 18, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਲਹਿਰਾਇਆ ਤਿਰੰਗਾ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਚ ਲਹਿਰਾਇਆ ਤਿਰੰਗਾ

ਸੂਬਾ ਪੱਧਰੀ ਸਮਾਗਮ ‘ਚ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਐਲਾਨ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿੱਚ ਤਿਰੰਗਾ ਲਹਿਰਾ ਕੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ‘ਰੰਗਲਾ ਪੰਜਾਬ’ ਬਣਾਏਗੀ, ਜਿਥੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਪੁਣੇ ਅਤੇ ਹੋਰ ਸਮਾਜਿਕ ਪੱਖਪਾਤ ਵਰਗੀਆਂ ਬੁਰਾਈਆਂ ਲਈ ਥਾਂ ਨਹੀਂ ਹੋਵੇਗੀ। ਅਜਿਹੇ ਪੰਜਾਬ ਵਿਚ ਨੌਜਵਾਨ ਪੰਜਾਬ ਛੱਡ ਕੇ ਕੈਨੇਡਾ ਤੇ ਅਮਰੀਕਾ ਨਹੀਂ ਜਾਣਗੇ।
ਇੱਥੇ ਆਜ਼ਾਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਗੁਰੂ ਨਾਨਕ ਸਟੇਡੀਅਮ ਵਿਚ ਕੌਮੀ ਝੰਡਾ ਲਹਿਰਾਉਣ ਮਗਰੋਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਜਿਕ ਬੁਰਾਈਆਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਵਿੱਚ ਰੁਕਾਵਟ ਹਨ ਜਿਨ੍ਹਾਂ ਨੂੰ ਸਾਂਝੇ ਯਤਨਾਂ ਨਾਲ ਜੜ੍ਹੋਂ ਪੁੱਟਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਘਟਾਉਣ ਲਈ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ।
ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ ਐਮੀਨੈਂਸ’ ਵਿੱਚ ਤਬਦੀਲ ਕੀਤਾ ਜਾਵੇਗਾ ਤੇ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਬਣਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ ਉਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਇੱਕ ਵੱਡੀ ਪਹਿਲਕਦਮੀ ਕੀਤੀ ਗਈ ਹੈ।
ਸੂਬਾ ਸਰਕਾਰ ਮੱਤੇਵਾੜਾ ਵਿਚ ਟੈਕਸਟਾਈਲ ਪਾਰਕ ਬਣਨ ਦੀ ਇਜਾਜ਼ਤ ਨਹੀਂ ਦੇਵੇਗੀ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪ੍ਰਾਜੈਕਟ ਲਈ ਬਦਲਵੀਂ ਜ਼ਮੀਨ ਦੀ ਪੇਸ਼ਕਸ਼ ਪਹਿਲਾਂ ਹੀ ਕਰ ਦਿੱਤੀ ਹੈ। ਪੰਜਾਬ ਸਰਕਾਰ ਸੂਬੇ ਦੇ ਵਾਤਾਵਰਨ ਦੀ ਸੰਭਾਲ ਲਈ ਵਚਨਬੱਧ ਹੈ। ਇਸ ਮੌਕੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਅਤੇ ਪੁਲਿਸ ਮੁਖੀ ਗੌਰਵ ਯਾਦਵ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬਰਾਸ ਬੈਂਡ ਅਤੇ ਸਕੂਲੀ ਬੈਂਡ ਦੀਆਂ 11 ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ। ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਾਜਿੰਦਰ ਪਾਲ ਕੌਰ ਛੀਨਾ, ਦਲਜੀਤ ਸਿੰਘ ਗਰੇਵਾਲ, ਮਦਨ ਲਾਲ ਬੱਗਾ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ ਤੇ ਹਾਕਮ ਸਿੰਘ ਮੌਜੂਦ ਸਨ।

RELATED ARTICLES
POPULAR POSTS