ਦੋਹਾਂ ਮੁਲਕਾਂ ਦੀਆਂ ਸਰਕਾਰਾਂ ਸ਼ੋਕ ਮਤੇ ਕਰਨ ਪਾਸ : ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ : 1947 ਵਿੱਚ ਹਿੰਦੋਸਤਾਨ ਦੀ ਵੰਡ ਵੇਲੇ ਹੋਈ ਹਿੰਸਾ ਦੌਰਾਨ ਜਾਨ ਗੁਆਉਣ ਵਾਲੇ ਦਸ ਲੱਖ ਪੰਜਾਬੀਆਂ ਦੀ ਯਾਦ ਵਿੱਚ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਵਿੱਚ ਸ਼ਾਮਲ ਹੁੰਦਿਆਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਖਿਆ ਕਿ ਉਹ ਵੰਡ ਵੇਲੇ ਮਾਰੇ ਗਏ ਵਿਅਕਤੀਆਂ ਦੀ ਯਾਦ ਵਿੱਚ ਆਪੋ ਆਪਣੀਆਂ ਸੰਸਦਾਂ ਵਿੱਚ ਸ਼ੋਕ ਮਤੇ ਪਾਸ ਕਰਨ ਅਤੇ ਉਸ ਵੇਲੇ ਉਜਾੜੇ ਦਾ ਸ਼ਿਕਾਰ ਹੋਏ ਲੋਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੀ ਜਨਮ ਭੋਇੰ ਵੇਖਣ ਵਾਸਤੇ ਵੀਜ਼ੇ ਦਿੱਤੇ ਜਾਣ।
ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਵਰ੍ਹੇ ਬੀਤ ਗਏ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਦੇਸ਼ ਵੰਡ ਵੇਲੇ ਜਾਨ ਗੁਆਉਣ ਵਾਲੇ ਲੋਕਾਂ ਨੂੰ ਯਾਦ ਵੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਨ੍ਹਾਂ ਵਿਅਕਤੀਆਂ ਦੀ ਯਾਦ ਵਿਚ ਸਮੂਹਿਕ ਅਰਦਾਸ ਕੀਤੀ ਗਈ ਹੈ। ਇਹ ਅਰਦਾਸ ਸਿਰਫ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੀ ਨਹੀਂ, ਸਗੋਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਕਈ ਇਤਿਹਾਸਕ ਗੁਰਦੁਆਰਿਆਂ ਵਿੱਚ ਵੀ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੀ ਆਜ਼ਾਦੀ ਵਿੱਚ ਜਿਨ੍ਹਾਂ ਦੋ ਸੂਬਿਆਂ ਪੰਜਾਬ ਅਤੇ ਬੰਗਾਲ ਨੇ ਅਹਿਮ ਭੂਮਿਕਾ ਨਿਭਾਈ ਸੀ ਤੇ ਵਧੇਰੇ ਸ਼ਹਾਦਤਾਂ ਦਿਤੀਆਂ ਸਨ, ਉਨ੍ਹਾਂ ਦੋਵਾਂ ਸੂਬਿਆਂ ਨੂੰ ਹੀ ਵੰਡ ਵੇਲੇ ਸਜ਼ਾ ਦਿੱਤੀ ਗਈ ਹੈ। ਇਹ ਵੰਡ ਵੇਲੇ ਦੋਵਾਂ ਸੂਬਿਆਂ ਦੇ ਲੋਕ ਵੰਡੇ ਗਏ ਤੇ ਮਾਰੇ ਗਏ ਅਤੇ ਸਮੁੱਚਾ ਸੰਤਾਪ ਵੀ ਇਨ੍ਹਾਂ ਦੋਵਾਂ ਸੂਬਿਆਂ ਦੇ ਲੋਕਾਂ ਨੂੰ ਹੰਢਾਉਣਾ ਪਿਆ।
ਉਨ੍ਹਾਂ ਕਿਹਾ ਕਿ ਵੰਡ ਵੇਲੇ ਦੇ ਪ੍ਰਭਾਵਤ ਇਹ ਲੋਕ ਅੱਜ ਇਸ ਵੇਲੇ ਵਡੇਰੀ ਉਮਰ ਵਿੱਚ ਹਨ ਅਤੇ ਆਪਣੀ ਜਨਮ ਭੋਇੰ ਦੇਖਣਾ ਚਾਹੁੰਦੇ ਹਨ। ਇਸ ਲਈ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਲੋਕਾਂ ਨੂੰ ਸੁਖਾਲੇ ਵੀਜ਼ੇ ਦਿੱਤੇ ਜਾਣ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਨਾਲ ਜਾਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਦੋਵੇਂ ਪਾਸੇ ਧਰਮ ਅਸਥਾਨਾਂ ਦੀ ਯਾਤਰਾਂ ਵਾਸਤੇ ਹਰ ਧਰਮ ਦੇ ਲੋਕਾਂ ਨੂੰ ਖੁੱਲ੍ਹੇ ਦਿਲ ਨਾਲ ਵੀਜ਼ੇ ਦੇਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰੀ ਤੇ ਸੰਗਤ ਹਾਜ਼ਰ ਸੀ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਗੁਰਬਾਣੀ ਦਾ ਕੀਰਤਨ ਵੀ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਉਹ ਇਸ ਦਿਹਾੜੇ ਨੂੰ ਹਰ ਸਾਲ ਮਨਾਉਣ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਵਿਚਾਰ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਨੂੰ ਜੇਲ੍ਹਾਂ ਵਿਚੋਂ ਸਜ਼ਾਵਾਂ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਗਿਆ ਅਤੇ ਵੰਡ ਵੇਲੇ ਦੇ ਉਜਾੜੇ ਦਾ ਸੰਤਾਪ ਹੰਢਾ ਰਹੇ ਲੋਕਾਂ ਦੇ ਜ਼ਖ਼ਮ ਅੱਜ ਵੀ ਹਰੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਹੋਈ ਵੰਡ ਦਾ ਸਭ ਤੋਂ ਵੱਧ ਨੁਕਸਾਨ ਸਿੱਖਾਂ ਨੂੰ ਹੋਇਆ। ਸਿੱਖਾਂ ਦੇ ਗੁਰੂਧਾਮ ਵਿੱਛੜ ਗਏ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਅਤੇ ਵੰਡ ਵੇਲੇ ਉੱਜੜੇ ਲੋਕਾਂ ਨੂੰ ਆਪਣੀ ਜਨਮ ਭੌੋਇੰ ਦੇਖਣ ਵਾਸਤੇ ਵੀਜ਼ੇ ਦਿੱਤੇ ਜਾਣੇ ਚਾਹੀਦੇ ਹਨ। ਮੁਸਲਿਮ ਭਾਈਚਾਰੇ ਦੀ ਅਗਵਾਈ ਕਰ ਰਹੇ ਰਸ਼ੀਦ ਅਖਤਰ ਨੇ ਕਿਹਾ ਕਿ ਵੰਡ ਵੇਲੇ ਮਾਰੇ ਗਏ ਲੋਕਾਂ ਦੀ ਯਾਦ ਵਿਚ ਦੋਵਾਂ ਮੁਲਕਾਂ ਦੀਆਂ ਸੰਸਦਾਂ ਵਿਚ ਸ਼ੋਕ ਮਤੇ ਲਿਆਂਦੇ ਜਾਣੇ ਚਾਹੀਦੇ ਹਨ।
Home / ਪੰਜਾਬ / ਹਿੰਦੋਸਤਾਨ ਦੀ ਵੰਡ ਵੇਲੇ ਜਾਨ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤਾ ਗਿਆ ਯਾਦ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …