ਅਨੁਸਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅੰਦਰ ਲਗਾਤਾਰ ਖਿੱਚੋਤਾਣ ਚੱਲ ਰਹੀ ਹੈ। ਇਸੇ ਦੌਰਾਨ ਕੁੱਝ ਅਕਾਲੀ ਆਗੂਆਂ ਵੱਲੋਂ ਲਗਾਤਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ’ਤੇ ਸਵਾਲ ਵੀ ਚੁੱਕੇ ਜਾ ਰਹੇ ਹਨ ਅਤੇ ਕਈ ਸੀਨੀਅਰ ਆਗੂਆਂ ਵੱਲੋਂ ਬਾਗੀ ਤੇਵਰ ਵੀ ਦਿਖਾਏ ਜਾ ਰਹੇ ਹਨ। ਜਿਨ੍ਹਾਂ ਵਿਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਗਮੀਤ ਸਿੰਘ ਬਰਾੜ ਅਤੇ ਮਨਪ੍ਰੀਤ ਸਿੰਘ ਇਆਲੀ ਦਾ ਨਾਮ ਸ਼ਾਮਲ ਹੈ। ਇਸ ਸਭ ਦੇ ਚਲਦਿਆਂ ਸ਼ੋ੍ਰਮਣੀ ਅਕਾਲੀ ਦਲ ਨੇ ਹੁਣ ਇਨ੍ਹਾਂ ਬਾਗੀਆਂ ’ਤੇ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ। ਜਿਸ ਲਈ ਅਕਾਲੀ ਦਲ ਨੇ ਇਕ ਅਨੁਸ਼ਾਸਨੀ ਕਮੇਟੀ ਬਣਾਈ ਹੈ। ਕਮੇਟੀ ਨੇ ਮੀਟਿੰਗ ਤੋਂ ਬਾਅਦ ਸਾਫ਼ ਕਰ ਦਿੱਤਾ ਹੈ ਕਿ ਹੁਣ ਪਾਰਟੀ ਖਿਲਾਫ਼ ਗਤੀਵਿਧੀਆਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਕੋਈ ਵੀ ਸੰਗਠਨ ਅਨੁਸ਼ਾਸਨ ਤੋਂ ਬਿਨਾ ਅੱਗੇ ਨਹੀਂ ਵਧ ਸਕਦਾ। ਇਸ ਲਈ ਪਾਰਟੀ ਅੰਦਰ ਵੀ ਅਨੁਸ਼ਾਸਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਪਾਰਟੀ ਖਿਲਾਫ਼ ਬਾਹਰ ਜਾ ਕੇ ਕੋਈ ਵੀ ਗੱਲ ਕਰੇਗਾ, ਉਸ ਦਾ ਮਕਸਦ ਪਾਰਟੀ ਨੂੰ ਕਮਜ਼ੋਰ ਕਰਨ ਦਾ ਹੈ। ਪਾਰਟੀ ਅੰਦਰ ਅਨੁਸ਼ਾਸਨਹੀਣਤਾ ਦੀਆਂ ਲਗਾਤਾਰਾਂ ਰਿਪੋਰਟਾਂ ਮਿਲ ਰਹੀਆਂ ਹਨ ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕਿਸੇ ਵਿਅਕਤੀ ਖਿਲਾਫ਼ ਲੱਗੇ ਆਰੋਪ ਸਹੀ ਪਾਏ ਗਏ ਤਾਂ ਉਸ ਨੂੰ ਇਕ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਸਹੀ ਜਵਾਬ ਨਾਲ ਮਿਲਣ ’ਤੇ ਸਬੰਧਤ ਵਿਅਕਤੀ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …