ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੁੱਧਵਾਰ ਨੂੰ ਚੰਡੀਗੜ੍ਹ ਨੇੜੇ ਮੁੱਲਾਂਪੁਰ ਗਰੀਬਦਾਸ ’ਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਾਲ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ। ਹਸਪਤਾਲ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਹਸਪਤਾਲ ਦਾ ਦੌਰਾ ਕੀਤਾ ਉਥੇ ਕੰਮ ਕਰਨ ਵਾਲੇ ਡਾਕਟਰਾਂ ਅਤੇ ਸਟਾਫ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਹਸਪਤਾਲ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਪੰਜਾਬ ਨੇ ਹਰ ਘਰ ਤਿਰੰਗਾ ਅਭਿਆਨ ਦੇ ਦੌਰਾਨ ਵੀ ਇਸ ਨੂੰ ਕਾਇਮ ਰੱਖਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਭਗਵੰਤ ਮਾਨ ਨੇ ਪੰਜ ਜਨਵਰੀ ਨੂੰ ਫਿਰੋਜ਼ਪੁਰ ਵਿਚ ਪੀਐਮ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਹੋਈ ਅਣਗਹਿਲੀ ’ਤੇ ਦੁੱਖ ਵੀ ਜ਼ਾਹਰ ਕੀਤਾ। ਜ਼ਿਕਰਯੋਗ ਹੈ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਵਿਖੇ ਭਾਜਪਾ ਦੇ ਸਮਾਗਮ ਵਿਚ ਸ਼ਾਮਲ ਹੋਣ ਲਈ ਆਏ ਸਨ, ਪਰ ਪ੍ਰਧਾਨ ਮੰਤਰੀ ਸੁਰੱਖਿਆ ਕਾਰਨਾਂ ਕਰਕੇ ਫਿਰੋਜ਼ਪੁਰ ਦੇ ਰਸਤੇ ਵਿਚੋਂ ਵਾਪਸ ਮੁੜ ਕੇ ਚਲੇ ਗਏ ਸਨ। ਉਸ ਸਮੇਂ ਪੰਜਾਬ ਵਿਚ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਸੀ।