ਸੰਗਰੂਰ ’ਚ ਬਣਨ ਵਾਲੇ ਮੈਡੀਕਲ ਕਾਲਜ ਦੇ ਨਿਰਮਾਣ ’ਤੇ ਲਗਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਸੰਗਰੂਰ ਮੈਡੀਕਲ ਕਾਲਜ ਨੂੰ ਹਾਈ ਕੋਰਟ ਨੇ ਝਟਕਾ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਗਰੂਰ ’ਚ ਬਣਨ ਵਾਲੇ ਮੈਡੀਕਲ ਕਾਲਜ ਦੇ ਨਿਰਮਾਣ ’ਤੇ ਰੋਕ ਲਗਾ ਦਿੱਤੀ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਕਾਲਜ ਬਣਾਉਣ ਲਈ ਦਿੱਤੀ ਜ਼ਮੀਨ ’ਤੇ ਇਤਰਾਜ਼ ਪ੍ਰਗਟਾਇਆ ਹੈ। ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਇਹ ਜ਼ਮੀਨ ਗੁਰਦੁਆਰਾ ਸਾਹਿਬ ਦੀ ਹੈ। ਟਰੱਸਟ ਆਪਣੇ ਪੱਧਰ ’ਤੇ ਪੰਜਾਬ ਸਰਕਾਰ ਨੂੰ ਇਹ ਜ਼ਮੀਨ ਨਹੀਂ ਦੇ ਸਕਦਾ ਅਤੇ ਨਾ ਹੀ ਕਾਲਜ ਬਣਾਉਣ ਦੀ ਆਗਿਆ ਦੇ ਸਕਦਾ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਲਜ ਨਿਰਮਾਣ ’ਤੇ ਰੋਕ ਲਗਾ ਦਿੱਤੀ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ। ਧਿਆਨ ਰਹੇ ਕਿ ਲੰਘੀ 5 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ’ਚ ਬਣਨ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਸੀ। ਹਾਲਾਂਕਿ ਸ਼ੋ੍ਰਮਣੀ ਕਮੇਟੀ ਜੁਲਾਈ ਮਹੀਨੇ ’ਚ ਹੀ ਹਾਈ ਕੋਰਟ ਪਹੁੰਚ ਗਈ ਸੀ ਅਤੇ ਗੁਰਦੁਆਰਾ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਦਿੱਤੀ ਗਈ ਜ਼ਮੀਨ ਦਾ ਵਿਰੋਧ ਕੀਤਾ ਸੀ। ਜਿਸ ਦੇ ਚਲਦਿਆਂ ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਨੋਟਿਸ ਵੀ ਭੇਜਿਆ ਸੀ ਪ੍ਰੰਤੂ ਇਸ ਦੇ ਬਾਵਜੂਦ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਲਜ ਦਾ ਨੀਂਹ ਪੱਥਰ ਰੱਖ ਦਿੱਤਾ।