ਨਰਿੰਦਰ ਮੋਦੀ ਨੇ ਪੰਜਾਬ ਲਈ ਨਹੀਂ ਕੀਤਾ ਕੋਈ ਵਿਸ਼ੇਸ਼ ਐਲਾਨ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਨੇੜੇ ਮੁੱਲਾਂਪੁਰ ਗਰੀਬਦਾਸ ’ਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕੀਤਾ ਸੀ। ਇਸ ਹਸਪਤਾਲ ਦਾ ਨੀਂਹ ਪੱਥਰ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਰੱਖਿਆ ਸੀ, ਅਤੇ ਜਦੋਂ ਇਹ ਹਸਪਤਾਲ ਤਿਆਰ ਹੋ ਗਿਆ ਤਾਂ ਇਸਦਾ ਉਦਘਾਟਨ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ। ਫਿਰ ਵੀ ਪੰਜਾਬ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਸੂਬੇ ਲਈ ਕੁਝ ਐਲਾਨ ਕਰਕੇ ਜਾਣਗੇ, ਪਰ ਅਜਿਹਾ ਨਹੀਂ ਹੋਇਆ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨੂੰ ਮੇਜ਼ਬਾਨੀ ਦਾ ਤੋਹਫਾ ਦੇਣ ਦੀ ਗੱਲ ਕਹੀ ਪਰ ਮੁੱਖ ਮੰਤਰੀ ਰਸਮੀ ਢੰਗ ਨਾਲ ਕੋਈ ਮੰਗ ਨਹੀਂ ਰੱਖ ਸਕੇ ਅਤੇ ਨਾ ਹੀ ਕੋਈ ਮੰਗ ਪੱਤਰ ਸੌਪਿਆ। ਅਕਸਰ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਸੂਬਾ ਸਰਕਾਰ ਵੱਲੋਂ ਲਿਖਤੀ ਰੂਪ ’ਚ ਮੰਗ ਪੱਤਰ ਦਿੱਤਾ ਜਾਂਦਾ ਹੈ ਜਾਂ ਫਿਰ ਮੁੱਖ ਮੰਤਰੀ ਮੰਚ ਤੋਂ ਸੂਬੇ ਦੀਆਂ ਸਮੱਸਿਆਵਾਂ ਨਾਲ ਸਬੰਧਤ ਮੰਗਾਂ ਰੱਖਦੇ ਹਨ ਪਰ ਮੁੱਖ ਮੰਤਰੀ ਅਜਿਹਾ ਨਹੀੰ ਕਰ ਸਕੇ। ਸ਼ਾਇਦ ਇਹੀ ਕਾਰਨ ਹੈ ਕਿ ਪ੍ਰਧਾਨ ਮੰਤਰੀ ਨੇ ਪੰਜਾਬੀਆਂ ਨੂੰ ਕੋਈ ਤੋਹਫਾ ਨਹੀਂ ਦਿੱਤਾ ਅਤੇ ਪੰਜਾਬੀਆਂ ਦੀਆਂ ਉਮੀਦਾਂ ’ਤੇ ਪਾਣੀ ਫਿਰ ਗਿਆ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਸੂਬਿਆਂ ਲਈ ਅਹਿਮ ਮੌਕਾ ਹੁੰਦਾ ਹੈ ਕਿ ਮੁੱਖ ਮੰਤਰੀ ਆਪਣੇ ਸੂਬੇ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਮੰਗ ਪੱਤਰ ਪ੍ਰਧਾਨ ਮੰਤਰੀ ਨੂੰ ਸੌਂਪੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਫਿਰੋਜ਼ਪੁਰ ਦੌਰਾ ਬਦਕਿਸਮਤੀ ਨਾਲ ਸੁਰੱਖਿਆ ਖਾਮੀਆਂ ਦੀ ਭੇਟ ਚੜ੍ਹ ਗਿਆ ਸੀ, ਹੁਣ ਮੁੱਖ ਮੰਤਰੀ ਆਪਣੀ ਗੱਲ ਰੱਖਣ ਵਿਚ ਅਸਫਲ ਰਹੇ ਹਨ।