ਨਿਊ ਚੰਡੀਗੜ੍ਹ ‘ਚ ਕੈਂਸਰ ਹਸਪਤਾਲ ਦਾ ਉਦਘਾਟਨ, ਪੰਜਾਬ ਲਈ ਨਹੀਂ ਕੀਤਾ ਕੋਈ ਵਿਸ਼ੇਸ਼ ਐਲਾਨ
ਟਾਟਾ ਮੈਮੋਰੀਅਲ ਸੈਂਟਰ ਰਾਹੀਂ ਤਿੰਨ ਸੂਬਿਆਂ ਦੇ ਮਰੀਜ਼ਾਂ ਨੂੰ ਹੋਵੇਗਾ ਲਾਭ, ਹਰ ਸਾਲ ਡੇਢ ਲੱਖ ਮਰੀਜ਼ਾਂ ਦਾ ਹੋ ਸਕੇਗਾ ਇਲਾਜ
ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਨਿਊ ਚੰਡੀਗੜ੍ਹ (ਮੁੱਲਾਂਪੁਰ ਗਰੀਬਦਾਸ) ‘ਚ ਟਾਟਾ ਮੈਮੋਰੀਅਲ ਸੈਂਟਰ (ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ) ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਦਾ ਇਹ ਪੰਜਾਬ ਦੌਰਾ ਸਿਰਫ ਹਸਪਤਾਲ ਦੇ ਉਦਘਾਟਨ ਤੱਕ ਹੀ ਸੀਮਤ ਰਿਹਾ ਅਤੇ ਉਨ੍ਹਾਂ ਪੰਜਾਬ ਲਈ ਕੋਈ ਵਿਸ਼ੇਸ਼ ਐਲਾਨ ਨਹੀਂ ਕੀਤਾ। ਜਿਸ ਨੂੰ ਲੈ ਕੇ ਪੰਜਾਬ ਵਾਸੀ ਨਰਾਜ਼ ਵੀ ਹੋਏ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਦੌਰਾ ਪੰਜਾਬ ਲਈ ਫਿੱਕਾ ਹੀ ਰਿਹਾ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੂੰ ਵਿਕਸਿਤ ਮੁਲਕ ਬਣਾਉਣ ਲਈ ਦੇਸ਼ ਦੀਆਂ ਸਿਹਤ ਸੇਵਾਵਾਂ ‘ਚ ਸੁਧਾਰ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੇਵਾਵਾਂ ਦੇਵੇਗਾ। ਉਨ੍ਹਾਂ ਕੈਂਸਰ ਦੇ ਇਲਾਜ ਲਈ ਸਿਹਤ ਸਹੂਲਤਾਂ ਪ੍ਰਦਾਨ ਕਰਨ ਬਾਰੇ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਟਾਟਾ ਮੈਮੋਰੀਅਲ ਸੈਂਟਰ ਹੁਣ ਹਰ ਸਾਲ 1.5 ਲੱਖ ਨਵੇਂ ਮਰੀਜ਼ਾਂ ਦੇ ਇਲਾਜ ਲਈ ਤਿਆਰ ਹੈ। ਇਹ ਨਵਾਂ ਹਸਪਤਾਲ ਤੇ ਏਮਸ-ਬਿਲਾਸਪੁਰ ਮਿਲ ਕੇ ਪੀਜੀਆਈ ਤੋਂ ਵੀ ਬੋਝ ਘਟਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਮਿਲੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਪੂਰਨ ਸਿਹਤ ਸੰਭਾਲ ਪਿਛਲੇ ਅੱਠ ਸਾਲਾਂ ਵਿਚ ਦੇਸ਼ ‘ਚ ਮੁੱਖ ਤਰਜੀਹਾਂ ਵਿਚੋਂ ਇਕ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਿਹਤ ਸਹੂਲਤਾਂ ਨੂੰ ਛੇ ਪਹਿਲੂਆਂ ਉਤੇ ਕੰਮ ਕਰ ਕੇ ਬਿਹਤਰ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਰੋਕਥਾਮ ਲਈ ਸਿਹਤ ਸੰਭਾਲ, ਪਿੰਡਾਂ ਵਿਚ ਛੋਟੇ ਤੇ ਆਧੁਨਿਕ ਹਸਪਤਾਲ ਖੋਲ੍ਹਣਾ, ਸ਼ਹਿਰਾਂ ਵਿਚ ਮੈਡੀਕਲ ਕਾਲਜ ਤੇ ਵੱਡੀਆਂ ਖੋਜ ਸੰਸਥਾਵਾਂ ਸ਼ੁਰੂ ਕਰਨਾ, ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ਼ ਦੀ ਗਿਣਤੀ ਵਧਾਉਣਾ, ਮਰੀਜ਼ਾਂ ਨੂੰ ਕਿਫ਼ਾਇਤੀ ਦਰਾਂ ਉਤੇ ਦਵਾਈਆਂ ਤੇ ਮੈਡੀਕਲ ਉਪਕਰਨ ਦੇਣਾ ਤੇ ਤਕਨੀਕ ਦੇ ਇਸਤੇਮਾਲ ਰਾਹੀਂ ਮਰੀਜ਼ਾਂ ਨੂੰ ਆਉਂਦੀਆਂ ਮੁਸ਼ਕਲਾਂ ਘਟਾਉਣਾ ਸ਼ਾਮਲ ਹਨ।
ਨਰਿੰਦਰ ਮੋਦੀ ਨੇ ਕਿਹਾ ਕਿ ਗੁਣਵੱਤਾ ਭਰਪੂਰ ਟੈਸਟਿੰਗ ਸਹੂਲਤਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਮੁਲਕ ਵਿਚ 1.5 ਲੱਖ ‘ਹੈਲਥ ਤੇ ਵੈੱਲਨੈੱਸ ਸੈਂਟਰ’ ਸਥਾਪਿਤ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚੋਂ 1.25 ਲੱਖ ਕੇਂਦਰ ਸਥਾਪਿਤ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 3 ਹਜ਼ਾਰ ਸੈਂਟਰ ਚੱਲ ਰਹੇ ਹਨ। ਮੋਦੀ ਨੇ ਕਿਹਾ ਕਿ ਪੂਰੇ ਮੁਲਕ ਵਿਚ 22 ਕਰੋੜ ਤੋਂ ਵੱਧ ਲੋਕਾਂ ਦੀ ਕੈਂਸਰ ਲਈ ਸਕਰੀਨਿੰਗ ਕੀਤੀ ਗਈ ਹੈ। ਇਕੱਲੇ ਪੰਜਾਬ ਵਿਚ ਹੀ 60 ਲੱਖ ਲੋਕਾਂ ਦੀ ਕੈਂਸਰ ਲਈ ਸਕਰੀਨਿੰਗ ਹੋਈ ਹੈ। ਇਸ ਮੌਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ, ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਭਾਜਪਾ ਦੇ ਕਈ ਸੀਨੀਅਰ ਆਗੂ, ਸੰਸਦ ਮੈਂਬਰ ਮਨੀਸ਼ ਤਿਵਾੜੀ, ਪੰਜਾਬ ਦੀ ਕੈਬਨਿਟ ਸਮੇਤ ‘ਆਪ’ ਦੇ ਵਿਧਾਇਕ ਹਾਜ਼ਰ ਸਨ। ਜ਼ਿਕਰਯੋਗ ਹੈ ਕਿ 30 ਦਸੰਬਰ 2013 ਨੂੰ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਸ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਨੀਂਹ ਪੱਥਰ ਰੱਖਿਆ ਸੀ, ਉਸ ਸਮੇਂ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਦੀ ਅਤੇ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ। ਸ਼ਿਵਾਲਿਕ ਦੀਆਂ ਪਹਾੜੀਆਂ ਨੇੜੇ ਭਾਰਤ ਸਰਕਾਰ ਦੇ ਪ੍ਰਮਾਣੂ ਊਰਜਾ ਵਿਭਾਗ ਦੀ ਸਹਾਇਤਾ ਨਾਲ ਕਰੀਬ 9 ਸਾਲਾਂ ਵਿੱਚ ਬਣ ਕੇ ਤਿਆਰ ਹੋਏ ਇਸ ਵੱਕਾਰੀ ਪ੍ਰਾਜੈਕਟ ‘ਤੇ 660 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇਹ ਹਸਪਤਾਲ ਤਕਰੀਬਨ 51 ਏਕੜ ਜ਼ਮੀਨ ਵਿੱਚ ਬਣਾਇਆ ਗਿਆ ਹੈ।
ਭਗਵੰਤ ਮਾਨ ਨੇ ਪੰਜਾਬ ‘ਚ ਕੈਂਸਰ ਦੇ ਇਲਾਜ ਲਈ ਕੇਂਦਰ ਤੋਂ ਸਹਿਯੋਗ ਮੰਗਿਆ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਪੰਜਾਬ ਨੂੰ ਕੈਂਸਰ ਹਸਪਤਾਲ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਪੰਜਾਬ ਦੇ ਕੈਂਸਰ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਸਹੂਲਤਾਂ ਬਿਹਤਰ ਕਰਨ ਲਈ ਸਹਿਯੋਗ ਵੀ ਮੰਗਿਆ। ਮਾਨ ਨੇ ਕਿਹਾ ਕਿ ਕੀਟਨਾਸ਼ਕ ਦਵਾਈਆਂ ਦਾ ਇਸਤੇਮਾਲ ਵੀ ਕੈਂਸਰ ਦਾ ਅਹਿਮ ਕਾਰਨ ਰਿਹਾ ਹੈ। ਇਸ ਤੋਂ ਇਲਾਵਾ ਇਲਾਜ ਮਹਿੰਗਾ ਹੋਣ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਰਾਹੀਂ ਹੁਣ ਤੱਕ ਕੈਂਸਰ ਪੀੜਤਾਂ ਦੇ ਇਲਾਜ ‘ਤੇ 888 ਕਰੋੜ ਰੁਪਏ ਖ਼ਰਚ ਕੀਤੇ ਹਨ।